ਸ਼ਰਮਨਾਕ: ਵਿਦਿਆਰਥਣ ਨਾਲ ਜਬਰ-ਜ਼ਨਾਹ ਦੇ ਇਲਜ਼ਾਮ ''ਚ 5 ਅਧਿਆਪਕ ਗ੍ਰਿਫ਼ਤਾਰ

Sunday, Feb 22, 2026 - 02:44 AM (IST)

ਸ਼ਰਮਨਾਕ: ਵਿਦਿਆਰਥਣ ਨਾਲ ਜਬਰ-ਜ਼ਨਾਹ ਦੇ ਇਲਜ਼ਾਮ ''ਚ 5 ਅਧਿਆਪਕ ਗ੍ਰਿਫ਼ਤਾਰ

ਓਡੀਸ਼ਾ - ਓਡੀਸ਼ਾ ਦੇ ਕੇਂਦਰਪਾੜਾ ਜ਼ਿਲ੍ਹੇ ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਪੰਜ ਅਧਿਆਪਕਾਂ ਨੂੰ 13 ਸਾਲਾ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿੱਚ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਨੁਸਾਰ ਇਹ ਕਾਰਵਾਈ ਸੱਤਵੀਂ ਜਮਾਤ ਦੀ ਵਿਦਿਆਰਥਣ ਦੇ ਪਿਤਾ ਅਤੇ ਜ਼ਿਲ੍ਹਾ ਬਾਲ ਭਲਾਈ ਕਮੇਟੀ (CWC) ਵੱਲੋਂ ਰਾਜਕਨਿਕਾ ਥਾਣੇ ਵਿੱਚ ਦਰਜ ਕਰਵਾਈਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ 'ਤੇ ਕੀਤੀ ਗਈ ਹੈ।

ਲੰਬੇ ਸਮੇਂ ਤੋਂ ਹੋ ਰਿਹਾ ਸੀ ਜਿਨਸੀ ਸ਼ੋਸ਼ਣ 
ਪੀੜਤ ਵਿਦਿਆਰਥਣ ਨੇ ਦੋਸ਼ ਲਾਇਆ ਹੈ ਕਿ ਸਕੂਲ ਦੇ ਇਹ ਅਧਿਆਪਕ ਲੰਬੇ ਸਮੇਂ ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਹੇ ਸਨ। ਜਦੋਂ ਬੱਚੀ ਨੇ ਇਸ ਬਾਰੇ ਆਪਣੇ ਮਾਪਿਆਂ ਨੂੰ ਜਾਣਕਾਰੀ ਦਿੱਤੀ, ਤਾਂ ਉਨ੍ਹਾਂ ਨੇ ਤੁਰੰਤ ਜ਼ਿਲ੍ਹਾ ਬਾਲ ਭਲਾਈ ਕਮੇਟੀ ਨਾਲ ਸੰਪਰਕ ਕੀਤਾ। ਕਮੇਟੀ ਦੀ ਮੈਂਬਰ ਸਵਾਗਤਿਕਾ ਪਾਤਰਾ ਨੇ ਦੱਸਿਆ ਕਿ 18 ਫਰਵਰੀ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ 48 ਘੰਟੇ ਤੱਕ ਜਾਂਚ ਕੀਤੀ ਗਈ ਅਤੇ ਫਿਰ ਮਾਮਲਾ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਸੌਂਪਿਆ ਗਿਆ।

ਪੁਲਸ ਵੱਲੋਂ ਜਾਂਚ ਜਾਰੀ 
ਰਾਜਕਨਿਕਾ ਥਾਣੇ ਦੇ ਇੰਚਾਰਜ ਇੰਸਪੈਕਟਰ ਸੰਜੇ ਮਲਿਕ ਨੇ ਦੱਸਿਆ ਕਿ ਲੜਕੀ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਪੀੜਤਾ ਦੇ ਨਾਲ-ਨਾਲ ਮੁਲਜ਼ਮਾਂ ਦਾ ਮੈਡੀਕਲ ਟੈਸਟ ਵੀ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜੇ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸਖ਼ਤ ਸਜ਼ਾ ਦੀ ਮੰਗ 
ਇਸ ਘਟਨਾ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਵੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਵਿਰੋਧੀ ਧਿਰ ਬੀਜੂ ਜਨਤਾ ਦਲ (BJD) ਨੇ ਕੇਂਦਰਪਾੜਾ ਦੇ ਐੱਸ.ਪੀ. (SP) ਨੂੰ ਇੱਕ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬਾਲ ਭਲਾਈ ਕਮੇਟੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਇਸ ਮਾਮਲੇ ਦੀ ਅਲੱਗ ਤੋਂ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।


author

Inder Prajapati

Content Editor

Related News