ਹਿਮਾਚਲ ''ਚ 9 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
Wednesday, Apr 08, 2020 - 03:57 PM (IST)
ਸ਼ਿਮਲਾ-ਹਿਮਾਚਲ ਪ੍ਰਦੇਸ਼ 'ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਸੂਬੇ 'ਚੋ ਕੋਰੋਨਾਵਾਇਰਸ ਦੇ 9 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਊਨਾ ਜ਼ਿਲੇ 'ਚ ਇਨ੍ਹਾਂ ਮਰੀਜ਼ਾਂ ਦੇ ਸੈਂਪਲ ਲਏ ਗਏ ਸੀ ਅਤੇ ਹਿਮਾਚਲ ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਸਾਰੇ 9 ਮਰੀਜ਼ਾਂ ਨੂੰ ਬਦੀ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਬੀਤੇ ਮੰਗਲਵਾਰ ਨੂੰ ਸੂਬੇ 'ਚ 79 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 70 ਦੀ ਰਿਪੋਰਟ ਨੈਗੇਟਿਵ ਪਾਈ ਗਈ ਜਦਕਿ 9 ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ। ਹਿਮਾਚਲ ਪ੍ਰਦੇਸ਼ ਦੇ ਐਡੀਸ਼ਨਲ ਚੀਫ ਸਕੱਤਰ ਸਿਹਤ ਆਰ.ਡੀ. ਧੀਮਾਨ ਨੇ ਇਨ੍ਹਾਂ ਸਾਰਿਆਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ ਅਤੇ ਉਨ੍ਹਾਂ ਨੇ ਹੀ ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਉਮਰ 16 ਤੋਂ 75 ਸਾਲ ਦੇ ਵਿਚਾਲੇ ਦੱਸੀ ਹੈ।
ਇਹ ਵੀ ਦੱਸਿਆ ਜਾਂਦਾ ਹੈ ਕਿ ਸੂਬੇ 'ਚ ਹੁਣ ਤੱਕ ਕੁੱਲ 27 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 20 ਐਕਟਿਵ ਮਾਮਲੇ ਹਨ, ਜਦਕਿ 4 ਲੋਕ ਦਿੱਲੀ ਦੇ ਹਸਪਤਾਲ 'ਚ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਇਨ੍ਹਾਂ 'ਚੋਂ 2 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 1 ਦੀ ਮੌਤ ਹੋ ਗਈ ਹੈ। ਤਾਜ਼ਾ ਮਿਲੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 5,000 ਤੋਂ ਪਾਰ ਪਹੁੰਚ ਚੁੱਕੀ ਹੈ, ਜਿਨ੍ਹਾਂ 'ਚ 149 ਲੋਕਾਂ ਦੀ ਮੌਤ ਹੋ ਚੁੱਕੀ ਜਦਕਿ 402 ਲੋਕ ਠੀਕ ਵੀ ਹੋ ਚੁੱਕੇ ਹਨ।