ਕੋਰੋਨਾ ਦੇ ਮੱਦੇਨਜ਼ਰ ਭਾਰਤ ਸਰਕਾਰ ਦਾ ਵੱਡਾ ਫ਼ੈਸਲਾ, ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ ਨੂੰ ਮਨਜ਼ੂਰੀ
Friday, Dec 23, 2022 - 03:04 PM (IST)
ਨਵੀਂ ਦਿੱਲੀ (ਭਾਸ਼ਾ)- ਭਾਰਤ ਬਾਇਓਟੈਕ ਦੇ 'ਇੰਟਰਾਨੇਜ਼ਲ ਕੋਵਿਡ' ਟੀਕੇ ਨੂੰ ਕੇਂਦਰੀ ਸਿਹਤ ਮੰਤਰਾਲਾ ਨੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ 'ਬੂਸਟਰ' ਖੁਰਾਕ ਵਜੋਂ ਵਰਤਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਸੂਤਰ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ 'ਚ ਕੋਈ ਸੂਈ ਨਹੀਂ ਲਗਾਈ ਜਾਵੇਗੀ ਅਤੇ ਇਹ ਨੱਕ ਰਾਹੀਂ ਦਿੱਤੀ ਜਾਵੇਗੀ। ਇਹ ਪ੍ਰਾਈਵੇਟ ਕੇਂਦਰਾਂ 'ਤੇ ਉਪਲਬਧ ਹੋਵੇਗਾ ਅਤੇ ਸ਼ੁੱਕਰਵਾਰ ਸ਼ਾਮ ਨੂੰ ਟੀਕਾਕਰਨ ਰਜਿਸਟ੍ਰੇਸ਼ਨ ਪਲੇਟਫਾਰਮ 'ਕੋ-ਵਿਨ' 'ਤੇ ਵੀ ਜਾਰੀ ਕੀਤਾ ਜਾਵੇਗਾ। ਇਸ ਨੂੰ ਜਲਦੀ ਹੀ ਰਾਸ਼ਟਰੀ ਕੋਵਿਡ ਟੀਕਾਕਰਨ ਪ੍ਰੋਗਰਾਮ 'ਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਸ਼ੀਨ ਨਾਲ ਕੱਟ ਕੇ ਵੱਖ ਹੋਇਆ ਔਰਤ ਦਾ ਹੱਥ, ਡਾਕਟਰਾਂ ਨੇ ਮੁੜ ਜੋੜਿਆ
ਇਸ 'ਬੀਬੀਵੀ154' ਵੈਕਸੀਨ ਦੀ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ 'ਬੂਸਟਰ' ਖੁਰਾਕ ਵਜੋਂ ਵਰਤੋਂ ਨੂੰ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਦੁਆਰਾ ਨਵੰਬਰ 'ਚ ਮਨਜ਼ੂਰੀ ਦਿੱਤੀ ਗਈ ਸੀ। ਇਸ ਟੀਕੇ ਨੂੰ ਚੀਨ ਅਤੇ ਕੁਝ ਹੋਰ ਦੇਸ਼ਾਂ 'ਚ ਸੰਕਰਮਣ ਦੇ ਵਧਦੇ ਮਾਮਲਿਆਂ ਦਰਮਿਆਨ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਕੋਵਿਡ -19 ਨਾਲ ਸਬੰਧਤ ਸਥਿਤੀ 'ਤੇ ਦੁਪਹਿਰ 3 ਵਜੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ। ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨਫੈਕਸ਼ਨ ਨੂੰ ਲੈ ਕੇ ਲਾਪਰਵਾਹੀ ਵਰਤਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਮਹਾਮਾਰੀ ਅਜੇ ਖ਼ਤਮ ਨਹੀਂ ਹੋਈ ਹੈ। ਉਸ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਦੀ ਅਪੀਲ ਕੀਤੀ, ਜਦੋਂ ਕਿ ਅਧਿਕਾਰੀਆਂ ਨੂੰ ਨਿਗਰਾਨੀ ਦੇ ਉਪਾਵਾਂ, ਖਾਸ ਕਰਕੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ