ਆਤਿਸ਼ੀ ਦਾ ਦਾਅਵਾ- ਦਿੱਲੀ ''ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਰਚੀ ਜਾ ਰਹੀ ਹੈ ਸਾਜਿਸ਼
Friday, Apr 12, 2024 - 11:30 AM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਲਈ ਇਕ ਵੱਡੀ ਰਾਜਨੀਤਕ ਸਾਜਿਸ਼ ਰਚ ਰਹੀ ਹੈ। ਆਤਿਸ਼ੀ ਨੇ ਇਕ ਪੱਤਰਕਾਰ ਸੰਮੇਲਨ 'ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ 'ਚ ਕਈ ਅਜਿਹੀਆਂ ਘਟਨਾਵਾਂ ਹੋਈਆਂ ਹਨ, ਜੋ ਇਸ ਖ਼ਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ,''ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਉਨ੍ਹਾਂ ਦੀ ਸਰਕਾਰ ਨੂੰ ਸੁੱਟਣ ਲਈ ਇਕ ਰਾਜਨੀਤਕ ਸਾਜਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇਗਾ ਪਰ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਜਨਾਦੇਸ਼ ਖ਼ਿਲਾਫ਼ ਹੋਵੇਗਾ।''
ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਕਿਸੇ ਸੀਨੀਅਰ ਅਧਿਕਾਰੀ ਨੂੰ ਦਿੱਲੀ 'ਚ ਤਾਇਨਾਤ ਨਹੀਂ ਕੀਤਾ ਗਿਆ ਹੈ। ਆਤਿਸ਼ੀ ਨੇ ਦੋਸ਼ ਲਗਾਇਆ,''ਵਿਭਾਗਾਂ 'ਚ ਅਹੁਦੇ ਖ਼ਾਲੀ ਪਏ ਹਨ ਪਰ ਕੋਈ ਤਾਇਨਾਤੀ ਨਹੀਂ ਹੋਈ ਹੈ। ਨੌਕਰਸ਼ਾਹਾਂ ਨੇ ਚੋਣ ਜ਼ਾਬਤਾ ਦਾ ਹਵਾਲਾ ਦਿੰਦੇ ਹੋਏ ਮੰਤਰੀਆਂ ਵਲੋਂ ਬੁਲਾਈਆਂ ਬੈਠਕਾਂ 'ਚ ਆਉਣਾ ਬੰਦ ਕਰ ਦਿੱਤਾ ਹੈ। ਉੱਪ ਰਾਜਪਾਲ ਦਿੱਲੀ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੂੰ ਚਿੱਠੀ ਲਿਖ ਰਹੇ ਹਨ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e