ਚੋਣ ਕਮਿਸ਼ਨ ਦੇ ਨਿਰਦੇਸ਼ ਦੇ ਕੁਝ ਦਿਨਾਂ ਬਾਅਦ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅਧਿਕਾਰੀਆਂ ਦਾ ਕੀਤਾ ਤਬਾਦਲਾ

Friday, Aug 16, 2024 - 11:26 AM (IST)

ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰਾਂ ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਚੋਣ ਕਮਿਸ਼ਨ ਨੇ ਕੁਝ ਹਫ਼ਤੇ ਪਹਿਲਾਂ ਨਿਰਦੇਸ਼ ਦਿੱਤਾ ਸੀ ਕਿ ਉਨ੍ਹਾਂ ਰਾਜ ਆਪਣੇ ਗ੍ਰਹਿ ਜ਼ਿਲ੍ਹਿਆਂ 'ਚ ਤਾਇਨਾਤ ਅਧਿਕਾਰੀਆਂ ਦਾ ਤਬਾਦਲਾ ਦੂਜੇ ਜ਼ਿਲ੍ਹਿਆਂ 'ਚ ਕਰਨ, ਜਿੱਥੇ ਚੋਣਾਂ ਹੋਣ ਵਾਲੀਆਂ ਹਨ। ਚੋਣ ਕਮਿਸ਼ਨ ਸ਼ੁੱਕਰਵਾਰ ਦੁਪਹਿਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਿਹੜੇ ਰਾਜਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਜੰਮੂ-ਕਸ਼ਮੀਰ 'ਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ ਕਿਉਂਕਿ ਸੁਪਰੀਮ ਕੋਰਟ ਨੇ ਇਹ ਸਮੇਂ ਹੱਦ ਤੈਅ ਕੀਤੀ ਹੈ। ਜੰਮੂ-ਕਸ਼ਮੀਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਵੀਰਵਾਰ ਦੇਰ ਰਾਤ ਤੁਰੰਤ ਪ੍ਰਭਾਵ ਨਾਲ 89 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਪੁੰਛ ਅਤੇ ਬਾਂਦੀਪੋਰਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਸਕੱਤਰ, ਕਮਿਸ਼ਨਰ, ਡਾਇਰੈਕਟਰ ਜਨਰਲ, ਮੈਨੇਜਿੰਗ ਡਾਇਰੈਕਟਰ ਅਤੇ ਕਈ ਵਿਭਾਗਾਂ ਦੇ ਡਾਇਰੈਕਟਰ ਸ਼ਾਮਲ ਹਨ।

ਚੋਣ ਕਮਿਸ਼ਨ ਨੇ 31 ਜੁਲਾਈ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਨੂੰ ਉਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕਰਨ ਲਈ ਕਿਹਾ ਸੀ ਜੋ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ 'ਚ ਤਾਇਨਾਤ ਹਨ। ਚੋਣਾਂ ਕਰਵਾਉਣ ਤੋਂ ਪਹਿਲਾਂ ਆਮ ਤੌਰ 'ਤੇ ਇਹ ਕਵਾਇਦ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਨੇ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ਦੇ ਮੁੱਖ ਸਕੱਤਰਾਂ ਨੂੰ ਵੀ ਅਜਿਹੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਕ੍ਰਮਵਾਰ 3 ਨਵੰਬਰ, 26 ਨਵੰਬਰ ਅਤੇ 5 ਜਨਵਰੀ ਨੂੰ ਖ਼ਤਮ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ 2 ਦਿਨਾਂ ਦੌਰੇ ਤੋਂ ਬਾਅਦ 9 ਅਗਸਤ ਨੂੰ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣਗੀਆਂ। ਕਿਸੇ ਵੀ ਅੰਦਰੂਨੀ ਜਾਂ ਬਾਹਰੀ ਤਾਕਤ ਨੂੰ ਇਸ 'ਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ। ਚੋਣ ਕਮਿਸ਼ਨ ਦਾ ਇਹ ਦੌਰਾ 5 ਅਗਸਤ, 2019 ਨੂੰ ਧਾਰਾ 370 ਨੂੰ ਖ਼ਤਮ ਕਰਨ ਅਤੇ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਣ ਤੋਂ ਬਾਅਦ ਪਹਿਲੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਆਧਾਰ ਤਿਆਰ ਕਰਨ ਲਈ ਪਹਿਲੀ ਵੱਡੀ ਕਵਾਇਦ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News