ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ

Tuesday, Oct 22, 2024 - 08:10 PM (IST)

ਬੈਂਗਲੁਰੂ : ਬੈਂਗਲੁਰੂ 'ਚ ਮੰਗਲਵਾਰ ਨੂੰ ਇਕ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 12 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਮਲਬੇ ਹੇਠੋਂ ਦੋ ਮਜ਼ਦੂਰਾਂ ਨੂੰ ਬਚਾਇਆ ਗਿਆ ਹੈ। ਇਹ ਘਟਨਾ ਸ਼ਹਿਰ ਦੇ ਹੇਨੂਰ ਇਲਾਕੇ 'ਚ ਭਾਰੀ ਮੀਂਹ ਦੌਰਾਨ ਵਾਪਰੀ।

ਸੂਤਰਾਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਦੀ ਟੀਮ ਮੌਕੇ 'ਤੇ ਮੌਜੂਦ ਹੈ। ਉਨ੍ਹਾਂ ਨੇ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਫਸੇ ਮਜ਼ਦੂਰਾਂ ਨੂੰ ਕੱਢਣ ਲਈ ਰਾਹਤ ਕਾਰਜ ਜਾਰੀ ਹਨ।

ਭਾਰੀ ਮੀਂਹ ਕਾਰਨ ਵਿਗੜੇ ਹਾਲਾਤ
ਬੈਂਗਲੁਰੂ 'ਚ ਮੰਗਲਵਾਰ ਨੂੰ ਭਾਰੀ ਮੀਂਹ ਨੇ ਸ਼ਹਿਰ ਦੇ ਕਈ ਹਿੱਸਿਆਂ 'ਚ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਪਾਣੀ ਭਰਨ ਕਾਰਨ ਸੜਕਾਂ ਦਰਿਆਵਾਂ ਵਿਚ ਤਬਦੀਲ ਹੋ ਗਈਆਂ ਹਨ ਅਤੇ ਕਈ ਵਾਹਨਾਂ ਦੇ ਅਰਧ-ਡੁੱਬਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਰੀ ਮੀਂਹ ਕਾਰਨ ਲੋਕ ਆਪਣੇ ਘਰਾਂ 'ਚ ਪਾਣੀ ਭਰਨ ਦੀ ਸ਼ਿਕਾਇਤ ਕਰ ਰਹੇ ਹਨ।

ਮੁੱਖ ਮੰਤਰੀ ਸਿੱਧਰਮਈਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ''ਭਾਰੀ ਮੀਂਹ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਸਾਰੀਆਂ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪ੍ਰਭਾਵਿਤ ਖੇਤਰਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਰਾਹਤ ਉਪਾਅ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣਗੇ।" 

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਦੀਵਾਲੀ 'ਤੇ ਖਰੀਦ ਰਹੇ ਹੋ ਮਠਿਆਈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਕਰਨਾਟਕ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਦਾ ਖ਼ਦਸ਼ਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਰਨਾਟਕ ਦੇ ਕਈ ਹਿੱਸਿਆਂ ਖਾਸ ਕਰਕੇ ਦੱਖਣੀ ਅੰਦਰੂਨੀ ਅਤੇ ਤੱਟਵਰਤੀ ਕਰਨਾਟਕ ਵਿਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਗੁਆਂਢੀ ਰਾਜਾਂ ਕੇਰਲ ਅਤੇ ਤਾਮਿਲਨਾਡੂ 'ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੌਜੂਦਾ ਸਮੱਸਿਆ ਦੇ ਫੌਰੀ ਹੱਲ ਦੀ ਮੰਗ ਕੀਤੀ ਹੈ, ਉਥੇ ਹੀ ਬਰੂਹਤ ਬੈਂਗਲੁਰੂ ਮਿਉਂਸਪਲ ਕਾਰਪੋਰੇਸ਼ਨ (ਬੀਬੀਐੱਮਪੀ) ਨੇ ਵੀ ਐਮਰਜੈਂਸੀ ਸੇਵਾਵਾਂ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਪ੍ਰਭਾਵਿਤ ਥਾਵਾਂ 'ਤੇ ਲੋੜੀਂਦੇ ਉਪਾਅ ਲਾਗੂ ਕੀਤੇ ਜਾਣਗੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਸਥਿਤੀਆਂ ਤੋਂ ਬਚਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News