ਹੁਣ ''ਆਪ'' ਘੇਰੇਗੀ ਮੋਦੀ ਸਰਕਾਰ, ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਰੇਗੀ ਪ੍ਰਦਰਸ਼ਨ
Tuesday, Jun 30, 2020 - 05:59 PM (IST)
ਨਵੀਂ ਦਿੱਲੀ (ਭਾਸ਼ਾ)— ਆਮ ਆਦਮੀ ਪਾਰਟੀ (ਆਪ) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਬੁੱਧਵਾਰ ਭਾਵ ਕੱਲ੍ਹ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗੀ। ਪਾਰਟੀ ਨੇਤਾ ਗੋਪਾਲ ਰਾਏ ਨੇ ਇਹ ਜਾਣਕਾਰੀ ਦਿੱਤੀ। ਰਾਏ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ ਆਮ ਆਦਮੀ ਪਾਰਟੀ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ 1 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ।
ਜ਼ਿਕਰਯੋਗ ਹੈ ਕਿ ਬੀਤੇ ਤਿੰਨ ਹਫਤਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 22ਵੀਂ ਵਾਰ ਵਾਧਾ ਕੀਤਾ ਗਿਆ। ਜਨਤਕ ਖੇਤਰ ਦੀ ਤੇਲ ਮਾਰਕੀਟਿੰਗ ਕੰਪਨੀਆਂ ਦੀ ਕੀਮਤਾਂ ਨੂੰ ਲੈ ਕੇ ਨੋਟੀਫ਼ਿਕੇਸ਼ਨ ਮੁਤਾਬਕ ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 5 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 'ਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਸਮੇਂ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਕੁੱਲ ਮਿਲਾ ਕੇ 9.17 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ 'ਚ 11.14 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਕੀਮਤਾਂ 'ਚ ਵਾਧੇ ਨੂੰ ਲੈ ਕੇ ਕਾਂਗਰਸ ਨੇ ਕੱਲ ਹੀ ਇਸ 'ਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਕੀਮਤਾਂ ਵਿਚ ਅੱਜ ਕੋਈ ਤਬਦੀਲੀ ਨਹੀਂ ਕੀਤੀ ਗਈ। ਦਿੱਲੀ ਵਿਚ ਪੈਟਰੋਲ ਦੀ ਕੀਮਤ ਕੱਲ 80.43 ਰੁਪਏ ਜਦੋਂ ਕਿ ਡੀਜ਼ਲ ਵੀ 80.53 ਰੁਪਏ 'ਤੇ ਹੀ ਟਿਕੀ ਰਹੀ।
ਇਹ ਵੀ ਪੜ੍ਹੋ: ਜਨਤਾ ਨੂੰ ਮਿਲੀ ਰਾਹਤ! ਵਿਰੋਧ ਦੇ ਬਾਅਦ ਨਹੀਂ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਕੀਮਤਾਂ