ਜ਼ਮੀਨ ਦੇ ਇੰਤਕਾਲ ਬਦਲੇ ਮੰਗ ਰਿਸ਼ਵਤ ! ACB ਨੇ ਮਾਲ ਵਿਭਾਗ ਦੇ ਕਰਮਚਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
Tuesday, Sep 15, 2026 - 05:37 PM (IST)
ਨੈਸ਼ਨਲ ਡੈਸਕ- ਝਾਰਖੰਡ ਦੇ ਚਤਰਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਂਟੀ ਕਰੱਪਸ਼ਨ ਬਿਊਰੋ ਨੇ ਇੱਕ ਮਾਲ ਵਿਭਾਗ ਦੇ ਇੱਕ ਕਰਮਚਾਰੀ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਦੋਸ਼ੀ ਕਰਮਚਾਰੀ ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਏ.ਸੀ.ਬੀ. ਦੇ ਪੁਲਸ ਸੁਪਰਡੈਂਟ ਆਰਿਫ਼ ਇਕਰਾਮ ਨੇ ਦੱਸਿਆ ਕਿ ਮਾਲ ਕਰਮਚਾਰੀ ਸਤੀਸ਼ ਪ੍ਰਸਾਦ ਨੂੰ ਸਦਰ ਦਫ਼ਤਰ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਹ ਕਾਰਵਾਈ ਗਿੱਧੌਰ ਥਾਣਾ ਖੇਤਰ ਦੇ ਨਯਾਖਾਪ ਪਿੰਡ ਦੇ ਰਹਿਣ ਵਾਲੇ ਤੁਲਸੀ ਯਾਦਵ ਦੀ ਸ਼ਿਕਾਇਤ 'ਤੇ ਕੀਤੀ ਗਈ। ਯਾਦਵ ਨੇ ਦੋਸ਼ ਲਗਾਇਆ ਸੀ ਕਿ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਸਤੀਸ਼ ਪ੍ਰਸਾਦ ਨੇ 30,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਸ਼ਿਕਾਇਤ ਮਿਲਣ ਤੋਂ ਬਾਅਦ ਏ.ਸੀ.ਬੀ. ਦੀ ਟੀਮ ਨੇ ਜਾਲ ਵਿਛਾਇਆ ਅਤੇ ਜਿਵੇਂ ਹੀ ਯਾਦਵ ਨੇ ਪਹਿਲੀ ਕਿਸ਼ਤ ਵਜੋਂ 15,000 ਰੁਪਏ ਦਿੱਤੇ, ਟੀਮ ਨੇ ਸਤੀਸ਼ ਪ੍ਰਸਾਦ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
