ਖੁਸ਼ਖ਼ਬਰੀ : ਪਾਕਿਸਤਾਨ ਸਿੱਖ ਸ਼ਰਧਾਲੂਆਂ ਨੂੰ ਜਾਰੀ ਕਰੇਗਾ 'ਵਾਧੂ ਵੀਜ਼ੇ'
Monday, Oct 28, 2019 - 05:23 PM (IST)

ਨਵੀਂ ਦਿੱਲੀ (ਵਾਰਤਾ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਭਾਰਤੀ ਸਿੱਖ ਸ਼ਰਧਾਲੂਆਂ ਲਈ 'ਵਾਧੂ ਵੀਜ਼ਾ' ਜਾਰੀ ਕਰੇਗਾ। ਕਮਿਸ਼ਨ ਨੇ ਇੱਥੇ ਜਾਰੀ ਬਿਆਨ ਵਿਚ ਕਿਹਾ ਕਿ ਉਹ ਦੋ-ਪੱਖੀ ਸਮਝੌਤੇ ਤਹਿਤ 3,000 ਦੀ ਤੈਅ ਸੀਮਾ ਤੋਂ ਵੱਧ ਵੀਜ਼ਾ ਜਾਰੀ ਕਰੇਗਾ ਅਤੇ ਇਹ 5 ਤੋਂ 14 ਨਵੰਬਰ ਤਕ ਦੇ ਸਮੇਂ ਲਈ ਜਾਰੀ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇਕ ਹਫਤੇ ਦਾ ਵਿਸ਼ੇਸ਼ ਪ੍ਰੋਗਰਾਮ ਤਿਆਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਿਸ਼ੇਸ਼ ਜਥਾ ਬੀਤੀ 30 ਜੁਲਾਈ ਤੋਂ 1 ਅਗਸਤ ਤਕ ਸ੍ਰੀ ਨਨਕਾਣਾ ਸਾਹਿਬ ਗਿਆ ਸੀ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦੀ ਸ਼ੁਰੂਆਤ ਹੋ ਗਈ ਸੀ।
ਇੱਥੇ ਦੱਸ ਦੇਈਏ ਕਿ ਦਿੱਲੀ ਤੋਂ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿਚ ਗਿਆ ਹੈ। ਇਸ ਵਿਚ ਦੇਸ਼ ਦੇ ਸਿੱਖ ਭਾਈਚਾਰੇ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀ ਵੀ ਸ਼ਾਮਲ ਹਨ। ਇਸ ਨਗਰ ਕੀਰਤਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਵਾਨਾ ਕੀਤਾ। ਨਗਰ ਕੀਰਤਨ ਲੁਧਿਆਣਾ ਅਤੇ ਅੰਮ੍ਰਿਤਸਰ ਹੁੰਦੇ ਹੋਏ 31 ਅਕਤੂਬਰ ਨੂੰ ਵਾਹਗਾ ਬਾਰਡਰ ਨੂੰ ਪਾਰ ਕਰਦੇ ਹੋਏ ਪਾਕਿਸਤਾਨ 'ਚ ਦਾਖਲ ਹੋਵੇਗਾ।