ਹੋਸਟਲ ''ਚ ਰਾਤ ਦੇ ਖਾਣੇ ਤੋਂ ਬਾਅਦ ਵਿਦਿਆਰਥਣਾਂ ਦੀ ਸਿਹਤ ਵਿਗੜੀ, 50 ਨੂੰ ਕਰਾਇਆ ਹਸਪਤਾਲ ਦਾਖ਼ਲ

Sunday, Oct 06, 2024 - 07:19 PM (IST)

ਹੋਸਟਲ ''ਚ ਰਾਤ ਦੇ ਖਾਣੇ ਤੋਂ ਬਾਅਦ ਵਿਦਿਆਰਥਣਾਂ ਦੀ ਸਿਹਤ ਵਿਗੜੀ, 50 ਨੂੰ ਕਰਾਇਆ ਹਸਪਤਾਲ ਦਾਖ਼ਲ

ਮਹਾਰਾਸ਼ਟਰ : ਮਹਾਰਾਸ਼ਟਰ ਦੇ ਲਾਤੂਰ ਸ਼ਹਿਰ ਦੇ ਇਕ ਸਰਕਾਰੀ ਕਾਲਜ ਦੇ ਹੋਸਟਲ ਵਿਚ ਰਾਤ ਦੇ ਖਾਣੇ ਤੋਂ ਬਾਅਦ ਫੂਡ ਪੁਆਇਜ਼ਨਿੰਗ ਕਾਰਨ ਕਰੀਬ 50 ਵਿਦਿਆਰਥਣਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਪੂਰਨਮਲ ਲਾਹੋਟੀ ਸਰਕਾਰੀ ਪੌਲੀਟੈਕਨਿਕ’ ਦੇ ਇਸ ਹੋਸਟਲ ਵਿਚ 324 ਵਿਦਿਆਰਥਣਾਂ ਰਹਿੰਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 7 ਵਜੇ ਵਿਦਿਆਰਥਣਾਂ ਨੇ ਚੌਲ, ਰੋਟੀ, ਭਿੰਡੀ ਦੀ ਸਬਜ਼ੀ ਖਾਧੀ ਅਤੇ ਦਾਲ ਦਾ ਸੂਪ ਪੀਤਾ। ਰਾਤ 8.30 ਵਜੇ ਤੱਕ ਕਈਆਂ ਨੂੰ ਬੇਚੈਨੀ ਮਹਿਸੂਸ ਹੋਈ ਅਤੇ ਕੁਝ ਵਿਦਿਆਰਥਣਾਂ ਨੂੰ ਉਲਟੀਆਂ ਆਉਣ ਲੱਗੀਆਂ।

ਇਸ ਦੀ ਸੂਚਨਾ ਮਿਲਦੇ ਹੀ ਕਾਲਜ ਦੇ ਪ੍ਰਿੰਸੀਪਲ ਨੇ ਮੌਕੇ 'ਤੇ ਪਹੁੰਚ ਕੇ ਲਾਤੂਰ ਦੇ ਵਿਲਾਸਰਾਓ ਦੇਸ਼ਮੁਖ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡੀਨ ਡਾ. ਉਦੈ ਮੋਹਤੇ ਨੂੰ ਸੂਚਿਤ ਕੀਤਾ। ਪੀੜਤ ਵਿਦਿਆਰਥਣਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਡਾ. ਮੋਹਿਤੇ ਨੇ ਪੀਟੀਆਈ ਨੂੰ ਦੱਸਿਆ ਕਿ ਅੱਧੀ ਰਾਤ ਤੱਕ ਕਰੀਬ 50 ਵਿਦਿਆਰਥਣਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ 20 ਨੂੰ ਸਵੇਰੇ 3 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਵਿਚ 30 ਹੋਰ ਵਿਦਿਆਰਥਣਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ।

ਇਹ ਵੀ ਪੜ੍ਹੋ : ਜੇਕਰ ਇਹ ਡਾਕੂਮੈਂਟ ਜਮ੍ਹਾਂ ਨਹੀਂ ਕਰਾਇਆ ਤਾਂ ਬੰਦ ਹੋ ਜਾਵੇਗੀ ਪੈਨਸ਼ਨ, ਆਖ਼ਰੀ ਤਰੀਕ ਤੋਂ ਪਹਿਲਾਂ ਕਰੋ ਸਬਮਿਟ

ਕਾਲਜ ਦੇ ਪ੍ਰਿੰਸੀਪਲ ਵੀਡੀ ਨਿਥਨਵਾਰੇ ਨੇ ਪੀਟੀਆਈ ਨੂੰ ਦੱਸਿਆ, “ਹੋਸਟਲ ਦੀਆਂ ਕੁਝ ਵਿਦਿਆਰਥਣਾਂ ਦੀ ਸਿਹਤ ਠੀਕ ਨਾ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਅਸੀਂ ਤੁਰੰਤ ਮੌਕੇ 'ਤੇ ਪਹੁੰਚ ਗਏ। ਸਾਰੀਆਂ ਪੀੜਤ ਵਿਦਿਆਰਥਣਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਯਕੀਨੀ ਬਣਾਉਣ ਲਈ ਵਿਆਪਕ ਸਿਹਤ ਜਾਂਚ ਕੀਤੀ ਗਈ ਕਿ ਕਿਸੇ ਵੀ ਵਿਦਿਆਰਥੀ ਨੂੰ ਖਤਰਾ ਨਾ ਹੋਵੇ। ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।'' ਉਨ੍ਹਾਂ ਕਿਹਾ ਕਿ ਸ਼ਿਵਾਜੀਨਗਰ ਪੁਲਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਭੋਜਨ ਦੇ ਨਮੂਨੇ ਇਕੱਠੇ ਕੀਤੇ ਹਨ।

ਨਮੂਨਿਆਂ ਦੀ ਰਿਪੋਰਟ ਆਉਣ ਤੋਂ ਬਾਅਦ ਫੂਡ ਪੁਆਇਜ਼ਨਿੰਗ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਲਾਤੂਰ ਲੋਕ ਸਭਾ ਮੈਂਬਰ ਸ਼ਿਵਾਜੀ ਕਾਲਗੇ ਵਿਦਿਆਰਥਣਾਂ ਦਾ ਹਾਲ-ਚਾਲ ਪੁੱਛਣ ਹਸਪਤਾਲ ਪੁੱਜੇ। ਕਾਂਗਰਸੀ ਸੰਸਦ ਮੈਂਬਰ ਨੇ ਲਾਤੂਰ ਦੇ ਜ਼ਿਲ੍ਹਾ ਮੈਜਿਸਟਰੇਟ ਵਰਸ਼ਾ ਠਾਕੁਰ ਘੁੱਗੇ ਨਾਲ ਵੀ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬੇਨਤੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News