ਕੇਂਦਰ ਤੋਂ ਬਾਅਦ ਕਈ ਸੂਬਿਆਂ ਨੇ ਘਟਾਏ ਪੈਟਰੋਲ-ਡੀਜ਼ਲ ''ਤੇ ਟੈਕਸ

Thursday, Nov 04, 2021 - 03:23 AM (IST)

ਕੇਂਦਰ ਤੋਂ ਬਾਅਦ ਕਈ ਸੂਬਿਆਂ ਨੇ ਘਟਾਏ ਪੈਟਰੋਲ-ਡੀਜ਼ਲ ''ਤੇ ਟੈਕਸ

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਐਕਸਾਈਜ਼ ਡਿਊਟੀ ਘਟਾ ਕੇ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਤੋਂ ਰਾਹਤ ਦਿੱਤੀ ਹੈ। ਕੇਂਦਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘਟਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਵਿੱਤ ਮੰਤਰਾਲੇ ਨੇ ਰਾਜਾਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਵੀ ਅਪੀਲ ਕੀਤੀ ਹੈ। ਇਸ ਦਾ ਅਸਰ ਹੋਇਆ ਹੈ ਅਤੇ ਕੁਝ ਰਾਜਾਂ ਨੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਹੈ ਕਿ ਉੱਤਰ ਪ੍ਰਦੇਸ਼ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 12-12 ਰੁਪਏ ਪ੍ਰਤੀ ਲਿਟਰ ਘੱਟ ਹੋਣਗੀਆਂ।

ਇਹ ਵੀ ਪੜ੍ਹੋ - ਦੀਵਾਲੀ ਦਾ ਤੋਹਫਾ: ਸਰਕਾਰ ਨੇ ਪੈਟਰੋਲ 'ਤੇ 5 ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਇਆ

ਜ਼ਿਕਰਯੋਗ ਹੈ ਕਿ ਯੂ.ਪੀ. ਵਿੱਚ ਅਗਲੇ ਸਾਲ ਚੋਣਾਂ ਹੋਣੀਆਂ ਹਨ। ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਪ੍ਰਭਾਵ ਨਾਲ 7 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਾਵੇਗੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘਟਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਥੇ ਹੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਤੁਰੰਤ ਪ੍ਰਭਾਵ ਨਾਲ ਪੈਟਰੋਲ ਅਤੇ ਡੀਜ਼ਲ 'ਤੇ ਵੈਟ 7 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਤ੍ਰਿਪੁਰਾ ਦੇ ਮੁੱਖ ਮੰਤਰੀ ਵਿਪਲਵ ਕੁਮਾਰ ਦੇਵ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 1 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ। ਕਰਨਾਟਕ ਅਤੇ ਗੋਆ ਸਰਕਾਰਾਂ ਨੇ ਵੀ ਆਪਣੇ-ਆਪਣੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7-7 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਹੈ।  

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬੇ 'ਚ ਪੈਟਰੋਲ 'ਤੇ ਵੈਟ 2 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਹੈ। ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਕਿਹਾ ਕਿ ਮਣੀਪੁਰ ਸਰਕਾਰ ਵੀ ਤੁਰੰਤ ਪ੍ਰਭਾਵ ਨਾਲ ਪੈਟਰੋਲ ਅਤੇ ਡੀਜ਼ਲ 'ਤੇ ਵੈਟ 7 ਰੁਪਏ ਘਟਾ ਦੇਵੇਗੀ। ਬਿਹਾਰ ਸਰਕਾਰ ਨੇ ਸਭ ਤੋਂ ਘੱਟ ਕਟੌਤੀ ਕੀਤੀ ਹੈ। ਬਿਹਾਰ ਸਰਕਾਰ ਨੇ ਪੈਟਰੋਲ 'ਤੇ 1 ਰੁਪਏ 30 ਪੈਸੇ ਅਤੇ ਡੀਜ਼ਲ 'ਤੇ 1 ਰੁਪਏ 90 ਪੈਸੇ ਦੀ ਕਟੌਤੀ ਕੀਤੀ ਹੈ। ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ ਮੌਜੂਦਾ 110.04 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 105.04 ਰੁਪਏ ਪ੍ਰਤੀ ਲੀਟਰ 'ਤੇ ਆ ਜਾਵੇਗੀ ਜਦਕਿ ਡੀਜ਼ਲ ਦੀ ਕੀਮਤ ਦਿੱਲੀ 'ਚ 98.42 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 88.42 ਰੁਪਏ ਪ੍ਰਤੀ ਲੀਟਰ 'ਤੇ ਆ ਜਾਵੇਗੀ। ਇਹ ਐਕਸਾਈਜ਼ ਡਿਊਟੀ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ ਹੈ ਅਤੇ ਇਸ ਦੇ ਨਾਲ ਮਾਰਚ 2020 ਤੋਂ ਮਈ 2020 ਦਰਮਿਆਨ ਪੈਟਰੋਲ ਅਤੇ ਡੀਜ਼ਲ 'ਤੇ 13 ਰੁਪਏ ਅਤੇ 16 ਰੁਪਏ ਪ੍ਰਤੀ ਲੀਟਰ ਦੇ ਟੈਕਸ ਦੇ ਵਾਧੇ ਦਾ ਹਿੱਸਾ ਵਾਪਸ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ - ਚੀਨ ਆਪਣੀ ਪਰਮਾਣੂ ਸ਼ਕਤੀ ਨੂੰ ਉਮੀਦ ਨਾਲੋਂ ਤੇਜ਼ੀ ਨਾਲ ਵਧਾ ਰਿਹੈ: ਪੇਂਟਾਗਨ

ਐਕਸਾਈਜ਼ ਡਿਊਟੀ 'ਚ ਉਸ ਸਮੇਂ ਦੇ ਵਾਧੇ ਨੇ ਪੈਟਰੋਲ 'ਤੇ ਕੇਂਦਰੀ ਟੈਕਸ ਨੂੰ 32.9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 31.8 ਰੁਪਏ ਪ੍ਰਤੀ ਲੀਟਰ ਤੱਕ ਪਹੁੰਚਾ ਦਿੱਤਾ ਸੀ। ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਲਗਾਉਂਦੀ ਹੈ, ਜੋ ਪੂਰੇ ਭਾਰਤ ਵਿਚ ਇਕਸਾਰ ਹੈ। ਇਸ ਦੇ ਨਾਲ ਹੀ, ਉਨ੍ਹਾਂ 'ਤੇ ਲਗਾਏ ਜਾਣ ਵਾਲੇ ਵੈਟ ਦੀਆਂ ਦਰਾਂ ਸੂਬਿਆਂ ਤੋਂ ਵੱਖਰੀਆਂ ਹਨ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ 'ਤੇ ਰਾਜਸਥਾਨ 'ਚ ਸਭ ਤੋਂ ਜ਼ਿਆਦਾ ਵੈਟ ਹੈ। ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਮਹਿੰਗਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮਹਿੰਗਾਈ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਰਾਹਤ ਦੇਣ ਅਤੇ ਹਾੜੀ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਸਸਤਾ ਈਂਧਨ ਮੁਹੱਈਆ ਕਰਵਾਉਣ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਪੈਟਰੋਲ ਅਤੇ ਡੀਜ਼ਲ 'ਤੇ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦੋਵਾਂ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਕਟੌਤੀ ਅੱਜ ਤੋਂ ਲਾਗੂ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।  
 


author

Inder Prajapati

Content Editor

Related News