ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਭੁੱਖ ਹੜਤਾਲ ਸ਼ੁਰੂ
Monday, Dec 14, 2020 - 09:50 AM (IST)
 
            
            ਨਵੀਂ ਦਿੱਲੀ (ਵਾਰਤਾ) : ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਸੋਮਵਾਰ ਨੂੰ ਕਿਸਾਨ ਸੰਗਠਨ ਨੇ ਅੰਦੋਲਨ ਤੇਜ਼ ਕਰ ਦਿੱਤਾ ਅਤੇ ਸਰਕਾਰ 'ਤੇ ਦਬਾਅ ਵਧਾਉਣ ਲਈ ਭੁੱਖ ਹੜਤਾਲ 'ਤੇ ਚਲੇ ਗਏ। ਕਿਸਾਨ ਨੇਤਾ ਸਵੇਰੇ 8 ਵਜੇ ਤੋਂ ਭੁੱਖ ਹੜਤਾਲ 'ਤੇ ਚਲੇ ਗਏ ਜੋ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਹ ਭੁੱਖ ਹੜਤਾਲ ਰਾਜਧਾਨੀ ਦੇ ਗਾਜੀਪੁਰ, ਟਿਕਰੀ, ਸਿੱਘੂ ਸਰਹੱਦ ਅਤੇ ਕੁੱਝ ਹੋਰ ਸਥਾਨਾਂ 'ਤੇ ਕੀਤੀ ਜਾਵੇਗੀ ।
ਜ਼ਿਲ੍ਹਾ ਹੈਡਕੁਆਰਟਰਾਂ ਵਿਚ ਵੀ ਕਿਸਾਨ ਵਰਤ ਅਤੇ ਧਰਨਾ ਪ੍ਰਦਰਸ਼ਨ ਕਰਣਗੇ। ਕਿਸਾਨ ਸੰਗਠਨ 3 ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਣ 'ਤੇ ਅੜੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭੁੱਖ ਹੜਤਾਲ ਕਰਣ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਟਰੀ ਦੇ ਕਾਮਿਆਂ ਨੂੰ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ਼ਨੀਵਾਰ ਨੂੰ ਕਿਸਾਨ ਸੰਗਠਨਾਂ ਨੇ ਅੰਦੋਲਨ ਤੇਜ਼ ਕਰ ਦਿੱਤਾ, ਜਦੋਂ ਕਿ ਹਰਿਆਣੇ ਦੇ ਉਪ ਮੁੱਖ ਮੰਤਰੀ ਦੁਸ਼ਯੰਰ ਚੌਟਾਲਾ ਨੇ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਗੱਲਬਾਤ ਦਾ ਦਬਾਅ ਵਧਾ ਦਿੱਤਾ।
ਇਹ ਵੀ ਪੜ੍ਹੋ: ਕਿਸਾਨਾਂ ਦੇ ਸਮਰਥਨ 'ਚ ਅੱਜ ਇਕ ਦਿਨ ਦੀ ਭੁੱਖ ਹੜਤਾਲ ਕਰਨਗੇ ਕੇਜਰੀਵਾਲ

ਕਿਸਾਨ ਸੰਗਠਨਾਂ ਨੇ ਦੇਸ਼ ਵਿਚ ਕਈ ਸਥਾਨਾਂ 'ਤੇ ਟੋਲ ਪਲਾਜ਼ਾ 'ਤੇ ਪ੍ਰਰਦਸ਼ਨ ਕਰਕੇ ਵਸੂਲੀ ਵਿਚ ਰੁਕਾਵਟ ਪਾਈ। ਕਿਸਾਨਾਂ ਦੇ ਕਈ ਜਥੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਲਈ ਰਵਾਨਾ ਹੋ ਗਏ। ਸ਼੍ਰੀ ਚੌਟਾਲਾ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਖਾਦ ਅਤੇ ਸਪਲਾਈ ਮੰਤਰੀ ਪੀਊਸ਼ ਗੋਇਲ ਨਾਲ ਮੁਲਾਕਾਤ ਦੇ ਬਾਅਦ ਕਿਹਾ ਕਿ ਸਰਕਾਰ ਕਿਸਾਨ ਸੰਗਠਨਾਂ ਨਾਲ 48 ਘੰਟੇ ਵਿਚ ਅਗਲੇ ਦੌਰ ਦੀ ਗੱਲਬਾਤ ਸ਼ੁਰੂ ਕਰੇਗੀ। ਸਰਕਾਰ ਨੇ ਕਿਸਾਨ ਸੰਗਠਨਾਂ ਨੂੰ ਖੇਤੀਬਾੜੀ ਸੁਧਾਰ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਅੰਦੋਲਨ ਤੇਜ ਕਰਣ ਦੀ ਧਮਕੀ ਦਿੱਤੀ ਗਈ ਸੀ।
ਸ਼੍ਰੀ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਕੇ ਗੱਲਬਾਤ ਨਾਲ ਸਮੱਸਿਆ ਦਾ ਹੱਲ ਕਰਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਗੱਲਬਾਤ ਨਾਲ ਸਮੱਸਿਆ ਦਾ ਹੱਲ ਨਿਕਲੇਗਾ। ਸਰਕਾਰ ਦਾ ਦਰਵਾਜਾ ਕਿਸਾਨਾਂ ਨਾਲ ਗੱਲਬਾਤ ਲਈ ਖੁੱਲ੍ਹਿਆ ਹੈ। ਕਿਸਾਨ ਸੰਗਠਨ ਪਿਛਲੇ 19 ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦੀ ਸਰਹੱਦ 'ਤੇ ਅੰਦੋਲਨ ਕਰ ਰਹੇ ਹਨ। ਸਰਕਾਰ ਨੇ ਦਿੱਲੀ ਦੀ ਸਰਹੱਦ 'ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਸਰਹੱਦ 'ਤੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਨੋਟ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            