MSP ਨੂੰ ਲੈ ਕੇ ਨਰੇਂਦਰ ਤੋਮਰ ਦਾ ਵੱਡਾ ਬਿਆਨ,ਪੰਜ ਸੂਬਿਆਂ ''ਚ ਵੋਟਾਂ ਮਗਰੋਂ ਬਣੇਗੀ ਕਮੇਟੀ
Friday, Feb 04, 2022 - 07:46 PM (IST)
ਨਵੀਂ ਦਿੱਲੀ (ਭਾਸ਼ਾ)- ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇ ਸੰਬੰਧ 'ਚ ਇਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਕਮੇਟੀ ਗਠਿਤ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ 'ਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਦੇ ਹੋਏ ਐੱਮ.ਐੱਸ.ਪੀ. 'ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ 'ਤੇ ਵਿਚਾਰ ਕਰਨ ਲਈ ਇਕ ਕਮੇਟੀ ਗਠਿਤ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : 'ਹਨੀ' ਦੀ ਗ੍ਰਿਫ਼ਤਾਰੀ ਮਗਰੋਂ ਭਖੀ ਸਿਆਸਤ, ਰਣਦੀਪ ਸੁਰਜੇਵਾਲਾ ਨੇ PM ਮੋਦੀ 'ਤੇ ਲਾਏ ਵੱਡੇ ਇਲਜ਼ਾਮ
ਤੋਮਰ ਨੇ ਰਾਜ ਸਭਾ 'ਚ ਪ੍ਰਸ਼ਨਕਾਲ ਦੌਰਾਨ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਚੋਣਾਂ ਚੱਲ ਰਹੀਆਂ ਹਨ, ਇਸ ਲਈ ਸਰਕਾਰ ਨੇ ਚੋਣ ਕਮਿਸ਼ਨ ਨੂੰ ਮਾਰਗ ਦਰਸ਼ਨ ਲਈ ਚਿੱਠੀ ਲਿਖੀ ਸੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਜਵਾਬ ਆ ਗਿਆ ਹੈ ਅਤੇ ਚੋਣਾਂ ਸੰਪੰਨ ਹੋਣ ਤੋਂ ਬਾਅਦ ਕਮੇਟੀ ਦਾ ਗਠਨ ਕੀਤਾ ਜਾ ਸਕਦਾ ਹੈ। ਤੋਮਰ ਨੇ ਕਿਹਾ ਕਿ ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣ ਦਾ ਮਾਮਲਾ ਮੰਤਰਾਲਾ ਦੇ ਵਿਚਾਰ ਅਧੀਨ ਹੈ ਅਤੇ ਵਿਧਾਨ ਸਭਾ ਚੋਣਾਂ ਸੰਪੰਨ ਹੋਣ ਤੋਂ ਬਾਅਦ ਇਸ ਦਾ ਗਠਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ, ਗੋਆ ਅਤੇ ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ