ਹਰਿਆਣਾ ਤੇ ਛੱਤੀਸਗੜ੍ਹ ਦੇ ਕਿਸਾਨਾਂ ਨੂੰ ਮਿਲੇ ਸ਼ਿਵਰਾਜ
Tuesday, Dec 10, 2024 - 10:49 PM (IST)
ਨਵੀਂ ਦਿੱਲੀ, (ਯੂ. ਐੱਨ. ਆਈ.)- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਹਰਿਆਣਾ ਅਤੇ ਛੱਤੀਸਗੜ੍ਹ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਮੁੱਦਿਆਂ ’ਤੇ ਸਲਾਹ-ਮਸ਼ਵਰਾ ਕੀਤਾ। ਚੌਹਾਨ ਨੇ ਇਥੇ ਆਪਣੇ ਦਫ਼ਤਰ ’ਚ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮੋਦੀ ਸਰਕਾਰ ਖੇਤੀ ਕਿਸਾਨੀ ਦੀ ਭਲਾਈ ਅਤੇ ਹਿੱਤ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਰਕਾਰ ਖੇਤੀਬਾੜੀ ਅਤੇ ਕਿਸਾਨਾਂ ਦੇ ਵਿਕਾਸ ਲਈ ਦ੍ਰਿੜ-ਸੰਕਲਪ ਹੈ। ਚੌਹਾਨ ਹਰ ਮੰਗਲਵਾਰ ਕਿਸਾਨਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਇਕ ਬੈਠਕ ਕਰਦੇ ਹਨ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦੇ ਹਨ।
ਕੇਂਦਰੀ ਮੰਤਰੀ ਨਾਲ ਚਰਚਾ ਕਰਨ ਵਾਲੇ ਕਿਸਾਨ ਸੰਗਠਨਾਂ ’ਚ ਛੱਤੀਸਗੜ੍ਹ ਯੁਵਾ ਪ੍ਰਗਤੀਸ਼ੀਲ ਕਿਸਾਨ ਸੰਘ, ਨੌਗਾਮਾ ਖਾਪ ਕਿਸਾਨ ਸੰਗਠਨ ਜੀਂਦ, ਸਤਰੋਲ ਖਾਪ ਸੇਵਾ ਸਮਿਤੀ ਹਿਸਾਰ ਅਤੇ ਨਾਂਦਲ ਖਾਪ ਰੋਹਤਕ ਦੇ ਕਿਸਾਨ ਸ਼ਾਮਲ ਸਨ।
ਇਸ ਦੌਰਾਨ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਸਬੰਧਤ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਮਹੱਤਵਪੂਰਨ ਸੁਝਾਅ ਵੀ ਦਿੱਤੇ। ਚੌਹਾਨ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਕੇਂਦਰ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ।