ਏਅਰਪੋਰਟ ਹਾਦਸਾ: ਕੇਂਦਰੀ ਮੰਤਰੀ ਦਾ ਐਲਾਨ, ਰੱਦ ਹੋਈਆਂ ਉਡਾਣਾਂ ਦੇ ਸਾਰੇ ਪੈਸੇ ਯਾਤਰੀਆਂ ਨੂੰ ਮਿਲਣਗੇ ਵਾਪਸ
Friday, Jun 28, 2024 - 09:11 PM (IST)
ਨਵੀਂ ਦਿੱਲੀ - ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਉਥੇ ਹੀ ਇਸ ਹਾਦਸੇ ਤੋਂ ਬਾਅਦ ਟਰਮੀਨਲ 1 ਤੋਂ ਉਡਾਣ ਭਰਨ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਉਡਾਣਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਉਡਾਣਾਂ ਰੱਦ ਹੋਣ ਨੂੰ ਲੈ ਕੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਰੱਦ ਹੋਈਆਂ ਹਨ, ਉਨ੍ਹਾਂ ਸਾਰੇ ਯਾਤਰੀਆਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਮਿਲ ਜਾਣਗੇ। ਯਾਤਰੀਆਂ ਨੂੰ ਉਨ੍ਹਾਂ ਦੇ ਟਿਕਟ ਦੇ ਪੈਸੇ ਵਾਪਸ ਦਿੱਤੇ ਜਾਣਗੇ।
ਪੀੜਤਾਂ ਨੂੰ ਮਿਲੇਗਾ ਮੁਆਵਜ਼ਾ
ਉਥੇ ਹੀ ਕੇਂਦਰੀ ਮੰਤਰੀ ਨਾਇਡੂ ਨੇ ਘਟਨਾ ਤੋਂ ਬਾਅਦ ਹਵਾਈ ਅੱਡੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ, ਹਾਦਸੇ ਤੋਂ ਬਾਅਦ ਟਰਮੀਨਲ-1 (ਟੀ1) ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਫਲਾਈਟ ਸੰਚਾਲਨ ਨੂੰ ਟੀ-2 ਅਤੇ ਟੀ-3 ਵਿੱਚ ਤਬਦੀਲ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ਮ੍ਰਿਤਕਾਂ ਦੇ ਪਰਿਵਾਰ ਨੂੰ 20 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਘਟਨਾ ਦੇ ਕਾਰਨ ਅਤੇ ਹੋਰ ਪਹਿਲੂ ਜਾਂਚ ਤੋਂ ਬਾਅਦ ਸਾਹਮਣੇ ਆਉਣਗੇ। ਨਾਇਡੂ ਦੇ ਅਨੁਸਾਰ, ਜਿਸ ਇਮਾਰਤ ਦੀ ਛੱਤ ਦਾ ਹਿੱਸਾ ਸ਼ੁੱਕਰਵਾਰ ਸਵੇਰੇ ਢਹਿ ਗਿਆ ਸੀ, ਉਸ ਢਾਂਚੇ ਨੂੰ 2009 ਵਿੱਚ ਖੋਲ੍ਹਿਆ ਗਿਆ ਸੀ। ਉਨ੍ਹਾਂ ਮੁਤਾਬਕ ਏਅਰਪੋਰਟ ਆਪਰੇਟਰ ਕੰਪਨੀ 'ਡਾਇਲ' (ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ) ਢਾਂਚੇ ਦਾ ਨਿਰੀਖਣ ਕਰੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e