NSA ਅਜੀਤ ਡੋਵਾਲ ਨੇ ਕੈਨੇਡੀਅਨ ਹਮਰੁਤਬਾ ਨਾਲ ਕੀਤੀ ਮੁਲਾਕਾਤ, ਦੇਸ਼ ਵਿਰੋਧੀ ਤਾਕਤਾਂ ਨੂੰ ਲੱਗਾ ਕਰਾਰਾ ਝਟਕਾ

Monday, Feb 09, 2026 - 10:38 AM (IST)

NSA ਅਜੀਤ ਡੋਵਾਲ ਨੇ ਕੈਨੇਡੀਅਨ ਹਮਰੁਤਬਾ ਨਾਲ ਕੀਤੀ ਮੁਲਾਕਾਤ, ਦੇਸ਼ ਵਿਰੋਧੀ ਤਾਕਤਾਂ ਨੂੰ ਲੱਗਾ ਕਰਾਰਾ ਝਟਕਾ

ਨਵੀਂ ਦਿੱਲੀ- ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ 'ਚ ਕਾਫ਼ੀ ਤਕਰਾਰ ਆਈ ਸੀ, ਜਿਸ ਨੂੰ ਹੁਣ ਮੌਜੂਦਾ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਸਰਕਾਰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੋਵਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਹੁਣ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਸੁਧਾਰ ਦੇ ਸੰਕੇਤ ਮਿਲ ਰਹੇ ਹਨ। ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਨੇ ਆਪਣੀ ਕੈਨੇਡੀਅਨ ਹਮਰੁਤਬਾ ਨਥਾਲੀ ਡਰੋਇਨ ਨਾਲ ਮੁਲਾਕਾਤ ਕੀਤੀ ਹੈ। ਇਸ ਉੱਚ-ਪੱਧਰੀ ਬੈਠਕ ਨੂੰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ 'ਰੀਸੈਟ' ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਹਰਦੀਪ ਸਿੰਘ ਨਿੱਝਰ ਦੇ ਮਾਮਲੇ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਕੜਵਾਹਟ ਪੈਦਾ ਹੋ ਗਈ ਸੀ, ਪਰ ਹੁਣ ਦੋਵੇਂ ਪਾਸਿਓਂ ਕੂਟਨੀਤਕ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਪਹਿਲ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ, ਅਜੀਤ ਡੋਵਾਲ ਨੇ ਕੈਨੇਡਾ ਦੀ ਧਰਤੀ 'ਤੇ ਵਧ ਰਹੀਆਂ ਭਾਰਤ ਵਿਰੋਧੀ ਅਤੇ ਖ਼ਾਲਿਸਤਾਨੀ ਕੱਟੜਪੰਥੀ ਗਤੀਵਿਧੀਆਂ 'ਤੇ ਭਾਰਤ ਦੀਆਂ ਚਿੰਤਾਵਾਂ ਨੂੰ ਸਖ਼ਤ ਸ਼ਬਦਾਂ ਵਿੱਚ ਦੁਹਰਾਇਆ ਹੈ।

ਦੋਵਾਂ ਦੇਸ਼ਾਂ ਨੇ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਵਿੱਚ ਸਹਿਯੋਗ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਦੁਬਾਰਾ ਸੱਤਾ ਵਿੱਚ ਆਉਣ ਤੋਂ ਬਾਅਦ ਬਦਲ ਰਹੇ ਵਿਸ਼ਵ ਸਿਆਸੀ ਹਾਲਾਤਾਂ ਕਾਰਨ ਕੈਨੇਡਾ ਹੁਣ ਭਾਰਤ ਨਾਲ ਸਬੰਧ ਸੁਧਾਰਨ ਲਈ ਗੰਭੀਰ ਦਿਖਾਈ ਦੇ ਰਿਹਾ ਹੈ। ਇਸ ਮੁਲਾਕਾਤ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੈਨੇਡਾ ਵੱਲੋਂ ਭਾਰਤ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ, ਜੋ ਕਿ ਦੋਵਾਂ ਦੇਸ਼ਾਂ ਵਿਚਾਲੇ ਵਿਸ਼ਵਾਸ ਬਹਾਲ ਕਰਨ ਲਈ ਸਭ ਤੋਂ ਅਹਿਮ ਕਦਮ ਹੋਵੇਗਾ।


author

Harpreet SIngh

Content Editor

Related News