ਸ਼ਰਾਬ ਹੋਮ ਡਿਲਿਵਰੀ : ਆਦੇਸ਼ ਜਾਰੀ ਕਰਨ ਤੋਂ ਸੁਪਰੀਮ ਕੋਰਟ ਦੀ ਨਾਂਹ

05/08/2020 3:18:49 PM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਰਾਬ ਦੀ ਹੋਮ ਡਿਲਿਵਰੀ ਅਤੇ ਸ਼ਰਾਬ ਦੀ ਵਿਕਰੀ ਦੌਰਾਨ ਦੁਕਾਨਾਂ 'ਤੇ ਸੋਸ਼ਲ ਡਿਸਟੈਂਸਿੰਗ ਲਈ ਰਾਜਾਂ ਨੂੰ ਨਿਰਦੇਸ਼ ਜਾਰੀ ਕਰਨ ਸੰਬੰਧੀ ਪਟੀਸ਼ਨ 'ਤੇ ਕੋਈ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਜੱਜ ਅਸ਼ੋਕ ਭੂਸ਼ਣ ਅਤੇ ਜੱਜ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਹਾਲਾਂਕਿ ਸ਼ਰਾਬ ਦੀ ਹੋਮ ਡਿਲਿਵਰੀ 'ਤੇ ਸਰਕਾਰ ਨੂੰ ਵਿਚਾਰ ਕਰਨ ਦੀ ਸਲਾਹ ਦਿੱਤੀ। ਦੀਪਕ ਸਾਈ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਭੂਸ਼ਣ ਨੇ ਕਿਹਾ ਕਿ ਰਾਜ ਸਰਕਾਰਾਂ ਸ਼ਰਾਬ ਦੀ ਵਿਕਰੀ ਦੌਰਾਨ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਏ ਜਾਣ 'ਤੇ ਰੋਕ ਨੂੰ ਲੈ ਕੇ ਧਿਆਨ ਦੇ ਰਹੀਆਂ ਹਨ, ਅਜਿਹੇ 'ਚ ਸੁਪਰੀਮ ਕੋਰਟ ਇਸ ਮਾਮਲੇ 'ਤੇ ਕੋਈ ਦਖਲ ਨਹੀਂ ਦੇਵੇਗਾ।

ਪਟੀਸ਼ਨਕਰਤਾ ਨੇ ਕਿਹਾ ਸੀ ਕਿ ਕੋਰੋਨਾ ਮਹਾਮਾਰੀ ਦੇ ਇਨਫੈਕਸ਼ਨ ਤੋਂ ਬਚਾਅ ਲਈ ਸੋਸ਼ਲ ਡਿਸਟੈਂਸਿੰਗ ਜ਼ਰੂਰੀ ਹੈ ਪਰ ਸ਼ਰਾਬ ਦੀਆਂ ਦੁਕਾਨਾਂ 'ਤੇ ਭਾਰੀ ਭੀੜ ਹੈ। ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡ ਰਹੀਆਂ ਹਨ, ਅਜਿਹੇ 'ਚ ਸ਼ਰਾਬ ਦੀਆਂ ਦੁਕਾਨਾਂ 'ਤੇ ਸ਼ਰਾਬ ਨਾ ਵੇਚ ਕੇ ਹੋਮ ਡਿਲਿਵਰੀ ਦੀ ਵਿਵਸਥਾ ਕੀਤੀ ਜਾਵੇ। ਪਟੀਸ਼ਨ 'ਚ ਕੇਂਦਰ ਸਰਕਾਰ ਦੀ ਉਸ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ 'ਚ ਲਾਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਸੀ। ਪਟੀਸ਼ਨਕਰਤਾ ਨੇ ਨੋਟੀਫਿਕੇਸ਼ਨ 'ਤੇ ਰੋਕ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਕੋਈ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰਦੇ ਹੋਏ ਸਲਾਹ ਦਿੱਤੀ ਕਿ ਸੋਸ਼ਲ ਡਿਸਟੈਂਸਿੰਗ ਬਣਾਏ ਰੱਖਣ ਲਈ ਰਾਜ ਸਰਕਾਰਾਂ ਸ਼ਰਾਬ ਦੀ ਹੋਮ ਡਿਲਿਵਰੀ 'ਤੇ ਵਿਚਾਰ ਕਰ ਸਕਦੀਆਂ ਹਨ।


DIsha

Content Editor

Related News