ਅਲੀਗੜ੍ਹ ਸ਼ਰਾਬ ਕਾਂਡ: ਲੰਬੀ ਹੁੰਦੀ ਜਾ ਰਹੀ ਮਰਨ ਵਾਲਿਆਂ ਦੀ ਲਿਸਟ, ਹੁਣ ਤੱਕ 36 ਮੌਤਾਂ
Monday, May 31, 2021 - 05:46 PM (IST)
ਅਲੀਗੜ੍ਹ (ਭਾਸ਼ਾ)— ਅਲੀਗੜ੍ਹ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਇਸ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 36 ਹੋ ਗਈ ਹੈ। ਜ਼ਿਲ੍ਹਾ ਮੁੱਖ ਮੈਡੀਕਲ ਅਧਿਕਾਰੀ ਡਾਕਟਰ ਭਾਨੂੰ ਪ੍ਰਤਾਪ ਕਲਿਆਣੀ ਨੇ ਸੋਮਵਾਰ ਯਾਨੀ ਕਿ ਅੱਜ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਤੱਕ ਕੁੱਲ 71 ਲਾਸ਼ਾਂ ਪੋਸਟਮਾਰਟਮ ਲਈ ਲਿਆਂਦੀਆਂ ਗਈਆਂ, ਜਿਨ੍ਹਾਂ ’ਚੋਂ 36 ਦੀ ਮੌਤ ਦੀ ਵਜ੍ਹਾ ਜ਼ਹਿਰੀਲੀ ਸ਼ਰਾਬ ਪੀਣਾ ਹੈ। ਬਾਕੀ 35 ਲਾਸ਼ਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੈਡੀਕਲ ਅਧਿਕਾਰੀ ਨੇ ਕਿਹਾ ਕਿ ਇਸ ਗੱਲ ਦਾ ਸ਼ੱਕ ਹੈ ਕਿ ਉਨ੍ਹਾਂ ਦੀ ਮੌਤ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੀ ਹੋਈ ਹੋਵੇ ਪਰ ਜਦੋਂ ਤੱਕ ਉਨ੍ਹਾਂ ਦੇ ਵਿਸਰਾ ਦੀ ਅੰਤਿਮ ਰਿਪੋਰਟ ਨਹੀਂ ਆ ਜਾਂਦੀ, ਉਦੋਂ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਨਕਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ, 5 ਦੀ ਹਾਲਤ ਗੰਭੀਰ
ਇਸ ਦਰਮਿਆਨ ਅਲੀਗੜ੍ਹ ਤੋਂ ਭਾਜਪਾ ਸੰਸਦ ਮੈਂਬਰ ਸਤੀਸ਼ ਗੌਤਮ ਨੇ ਸਥਾਨਕ ਪ੍ਰਸ਼ਾਸਨ ’ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ਵਿਚ ਆਬਕਾਰੀ ਮਹਿਕਮੇ ਦੇ ਕੁਝ ਭ੍ਰਿਸ਼ਟ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਕੁਝ ਬੇਕਸੂਰ ਕਾਰੋਬਾਰੀਆਂ ਨੂੰ ਗਲਤ ਢੰਗ ਨਾਲ ਫਸਾ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ਼ਿਕਾਇਤ ਕਰਨਗੇ।