ਇਲਾਹਾਬਾਦ ਹਾਈਕੋਰਟ ਦੀ ਟਿੱਪਣੀ, ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਿਆ ਜਾਵੇ
Wednesday, Sep 01, 2021 - 07:51 PM (IST)
ਲਖਨਊ - ਇਲਾਹਾਬਾਦ ਹਾਈਕੋਰਟ ਨੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਗਾਂ ਨੂੰ ਲੈ ਕੇ ਮਹੱਤਵਪੂਰਣ ਟਿੱਪਣੀ ਕਰ ਦਿੱਤੀ ਹੈ। ਕੋਰਟ ਨੇ ਕਿਹਾ ਹੈ ਕਿ ਗਊ ਰੱਖਿਆ ਨੂੰ ਕਿਸੇ ਵੀ ਧਰਮ ਨਾਲ ਜੋੜਨ ਦੀ ਜ਼ਰੂਰਤ ਨਹੀਂ ਹੈ। ਗਾਂ ਨੂੰ ਹੁਣ ਇੱਕ ਰਾਸ਼ਟਰੀ ਪਸ਼ੂ ਐਲਾਨ ਕਰ ਦੇਣਾ ਚਾਹੀਦਾ ਹੈ। ਕੇਂਦਰ ਨੂੰ ਇਸ 'ਤੇ ਵਿਚਾਰ ਕਰਨ ਦੀ ਜ਼ਰੂਰਤ ਹੈ।
ਦੱਸ ਦਿਓ ਕਿ ਬੁੱਧਵਾਰ ਨੂੰ ਜਾਵੇਦ ਨਾਮ ਦੇ ਵਿਅਕਤੀ ਦੀ ਪਟੀਸ਼ਨ ਨੂੰ ਖਾਰਿਜ ਕਰਦੇ ਹੋਏ ਹਾਈਕੋਰਟ ਨੇ ਇਹ ਟਿੱਪਣੀ ਕੀਤੀ ਸੀ। ਜਾਵੇਦ 'ਤੇ ਗਊ ਹੱਤਿਆ ਰੋਕਥਾਮ ਐਕਟ ਦੀ ਧਾਰਾ 3, 5 ਅਤੇ 8 ਦੇ ਤਹਿਤ ਦੋਸ਼ ਲੱਗੇ ਹੋਏ ਹਨ। ਅਜਿਹੇ ਵਿੱਚ ਕੋਰਟ ਨੇ ਪਟੀਸ਼ਨਕਰਤਾ ਦੀ ਪਟੀਸ਼ਨ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਗਊ ਰੱਖਿਆ ਸਿਰਫ ਕਿਸੇ ਇੱਕ ਧਰਮ ਦੀ ਜ਼ਿੰਮੇਵਾਰੀ ਨਹੀਂ ਹੈ। ਗਾਂ ਇਸ ਦੇਸ਼ ਦੀ ਸੰਸਕ੍ਰਿਤੀ ਹੈ ਅਤੇ ਇਸ ਦੀ ਸੁਰੱਖਿਆ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਫਿਰ ਭਾਵੇਂ ਤੁਸੀਂ ਕਿਸੇ ਵੀ ਧਰਮ ਨਾਲ ਸਬੰਧ ਕਿਉਂ ਨਾ ਰੱਖਦੇ ਹੋਣ।
ਜਸਟਿਸ ਸ਼ੇਖਰ ਕੁਮਾਰ ਯਾਦਵ ਨੇ ਇਹ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਰਕਾਰ ਨੂੰ ਹੁਣ ਸਦਨ ਵਿੱਚ ਇੱਕ ਬਿੱਲ ਲਿਆਉਣਾ ਚਾਹੀਦਾ ਹੈ। ਗਾਂ ਨੂੰ ਵੀ ਮੂਲ ਅਧਿਕਾਰ ਮਿਲਣਾ ਚਾਹੀਦਾ ਹੈ। ਸਮਾਂ ਆ ਗਿਆ ਹੈ ਕਿ ਹੁਣ ਗਾਂ ਨੂੰ ਇੱਕ ਰਾਸ਼ਟਰੀ ਪਸ਼ੂ ਐਲਾਨ ਕੀਤਾ ਜਾਵੇ। ਉਥੇ ਹੀ ਜੋ ਵੀ ਗਾਂ ਨੂੰ ਪ੍ਰੇਸ਼ਾਨ ਕਰਦੇ ਹਨ, ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਜੱਜ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਜਦੋਂ ਤੱਕ ਦੇਸ਼ ਵਿੱਚ ਗਊਆਂ ਨੂੰ ਸੁਰੱਖਿਅਤ ਨਹੀਂ ਕੀਤਾ ਜਾਵੇਗਾ, ਦੇਸ਼ ਦੀ ਤਰੱਕੀ ਵੀ ਅਧੂਰੀ ਰਹਿ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।