ਲਖੀਮਪੁਰ ਖੀਰੀ ਹਿੰਸਾ : ਇਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

Tuesday, Jul 26, 2022 - 02:27 PM (IST)

ਲਖਨਊ (ਭਾਸ਼ਾ)- ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ 'ਟੇਨੀ' ਦੇ ਬੇਟੇ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਪਟੀਸ਼ਨ ਮੰਗਲਵਾਰ ਨੂੰ ਖਾਰਜ ਕਰ ਦਿੱਤੀ। ਇਸ ਹਿੰਸਾ 'ਚ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਜੱਜ ਕ੍ਰਿਸ਼ਨ ਪਹਿਲ ਦੀ ਬੈਂਚ ਨੇ ਕਿਹਾ ਕਿ ਆਸ਼ੀਸ਼ ਰਾਜਨੀਤਕ ਰੂਪ ਨਾਲ ਇੰਨਾ ਪ੍ਰਭਾਵਸ਼ਾਲੀ ਹੈ ਕਿ ਉਹ ਗਵਾਹਾਂ ਅਤੇ ਇਸ ਮਾਮਲੇ ਦੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬੈਂਚ ਨੇ ਮਾਮਲੇ 'ਚ ਸੁਣਵਾਈ ਪੂਰੀ ਹੋਣ ਤੋਂ ਬਾਅਦ 15 ਜੁਲਾਈ ਨੂੰ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।

ਲਖਨਊ ਬੈਂਚ ਨੇ 10 ਫਰਵਰੀ ਨੂੰ ਆਸ਼ੀਸ਼ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ ਅਤੇ ਹਾਈ ਕੋਰਟ ਨੂੰ ਆਦੇਸ਼ ਦਿੱਤਾ ਸੀ ਕਿ ਉਹ ਪੀੜਤ ਪੱਖ ਨੂੰ ਪੂਰਾ ਮੌਕਾ ਦੇ ਕੇ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਸੁਣਾਏ। ਇਸ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਨਵੇਂ ਸਿਰੇ ਤੋਂ ਸੁਣਵਾਈ ਕੀਤੀ ਸੀ। ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਇਲਾਕੇ 'ਚ ਅਜੇ ਮਿਸ਼ਰਾ ਦੇ ਪਿੰਡ 'ਚ ਇਕ ਪ੍ਰੋਗਰਾਮ 'ਚ ਸ਼ਾਮਲ ਹੋਣ ਜਾ ਰਹੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦਾ ਕਿਸਾਨਾਂ ਵਲੋਂ ਵਿਰੋਧ ਕੀਤੇ ਜਾਣ ਦੌਰਾਨ ਹੋਈ ਹਿੰਸਾ 'ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ।


DIsha

Content Editor

Related News