ਜਗਦੀਸ਼ ਝੀਂਡਾ ਨੇ ਚੁੱਕਿਆ ਮੁੱਦਾ, ਅੰਗਰੇਜ਼ਾਂ ਦੇ ਜ਼ਮਾਨੇ ਦੇ SGPC ਐਕਟ ’ਚ ਹੋਵੇ ਸੋਧ
Thursday, Jan 05, 2023 - 11:17 AM (IST)
ਕਰਨਾਲ (ਰਾਕੇਸ਼)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਅੰਗਰੇਜ਼ਾਂ ਦੇ ਜ਼ਮਾਨੇ ’ਚ ਬਣੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ ’ਚ ਸੋਧ ਹੋਣੀ ਚਾਹੀਦੀ ਹੈ। ਇਸ ਮੰਗ ਨੂੰ ਲੈ ਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਨੂੰ ਸਰਕਾਰ ਸਰਕਾਰੀ ਕੰਟਰੋਲ ਤੋਂ ਮੁਕਤੀ ਦੇਵੇ। ਇਸ ਤੋਂ ਇਲਾਵਾ ਉਨ੍ਹਾਂ 4 ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬੀਰ ਬਾਲ ਦਿਵਸ ਵਜੋਂ ਮਨਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ’ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਸਰਕਾਰ ਨੂੰ 4 ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ’ਚ ਕੀ ਇਤਰਾਜ਼ ਹੈ। ਉਹ ਡੇਰਾ ਕਾਰ ਸੇਵਾ ਕਰਨਾਲ ’ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਧਾਰਮਿਕ ਸਥਾਨਾਂ ’ਤੇ ਕਬਜ਼ਾ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ। ਭਾਜਪਾ ਆਪਣੇ ਲੋਕਾਂ ਨੂੰ ਗੁਰਦੁਆਰਿਆਂ ਦੀ ਮੈਨੇਜਮੈਂਟ ’ਚ ਸ਼ਾਮਲ ਕਰਵਾ ਕੇ ਗੁਰਦੁਆਰਿਆਂ ’ਤੇ ਪਿਛਲੇ ਦਰਵਾਜ਼ੇ ਰਾਹੀਂ ਕਬਜ਼ਾ ਕਰਨਾ ਚਾਹ ਰਹੀ ਹੈ। ਉਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰਾਂ ਦੀ ਸੂਚੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪ੍ਰਵਾਨਗੀ ਲਈ ਭੇਜੀ ਹੈ। ਉਨ੍ਹਾਂ ਨੇ ਆਪਣੇ ਪੱਤਰ ਦੇ ਰਾਹੀਂ ਐੱਸ.ਜੀ.ਪੀ.ਸੀ. ਤੋਂ ਮੰਗ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ’ਚ ਸੋਧ ਕਰਨ ਦੀ ਮੰਗ ਕਰਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ