ਮਣੀਪੁਰ ’ਚ ਲੋਕਾਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਏ ਸੁਰੱਖਿਆ ਫੋਰਸ : ਸ਼ਾਹ

Saturday, Mar 01, 2025 - 08:16 PM (IST)

ਮਣੀਪੁਰ ’ਚ ਲੋਕਾਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਏ ਸੁਰੱਖਿਆ ਫੋਰਸ : ਸ਼ਾਹ

ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਸੁਰੱਖਿਆ ਫੋਰਸ ਨੂੰ 8 ਮਾਰਚ ਤੋਂ ਮਣੀਪੁਰ ਦੇ ਸਾਰੇ ਰਸਤਿਆਂ ’ਤੇ ਲੋਕਾਂ ਦੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਅਤੇ ਰੁਕਾਵਟਾਂ ਪੈਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ।

ਮਣੀਪੁਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਵਿਚ ਸਥਾਈ ਸ਼ਾਂਤੀ ਬਹਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਉੱਤਰ-ਪੂਰਬੀ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਹੋਣ ਤੋਂ ਬਾਅਦ ਇਹ ਪਹਿਲੀ ਅਜਿਹੀ ਮੀਟਿੰਗ ਸੀ। ਮਈ, 2023 ਤੋਂ ਲੈ ਕੇ ਹੁਣ ਤੱਕ ਇੰਫਾਲ ਘਾਟੀ ਵਿਚ ਮੈਤੇਈ ਅਤੇ ਆਲੇ-ਦੁਆਲੇ ਦੀਆਂ ਪਹਾੜੀਆਂ ਵਿਚ ਰਹਿਣ ਵਾਲੇ ਕੁਕੀ-ਜੋ ਸਮੂਹਾਂ ਵਿਚਕਾਰ ਨਸਲੀ ਹਿੰਸਾ ਵਿਚ 250 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਬੇਘਰ ਹੋ ਗਏ ਹਨ।

ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਮਣੀਪੁਰ ’ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੂੰ ਸੂਬੇ ਦੀ ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸ਼ਾਹ ਨੇ ਨਿਰਦੇਸ਼ ਦਿੱਤੇ ਕਿ ਮਣੀਪੁਰ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਨਿਰਧਾਰਤ ਪ੍ਰਵੇਸ਼ ਸਥਾਨਾਂ ਦੇ ਦੋਵਾਂ ਪਾਸਿਆਂ ’ਤੇ ਵਾੜ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਗ੍ਰਹਿ ਮੰਤਰੀ ਨੇ ਕਿਹਾ ਕਿ ਮਣੀਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿਚ ਸ਼ਾਮਲ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ਵਿਚ ਰਾਜਪਾਲ ਅਜੈ ਕੁਮਾਰ ਭੱਲਾ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਉਪ ਫੌਜ ਮੁਖੀ ਅਤੇ ਫੌਜ ਦੀ ਪੂਰਬੀ ਕਮਾਂਡ ਦੇ ਕਮਾਂਡਰ ਸ਼ਾਮਲ ਹੋਏ।


author

Rakesh

Content Editor

Related News