ਜੰਮੂ-ਕਸ਼ਮੀਰ ’ਚ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਸੁਰੱਖਿਆ ਏਜੰਸੀਆਂ : ਸ਼ਾਹ

Thursday, Feb 06, 2025 - 12:31 AM (IST)

ਜੰਮੂ-ਕਸ਼ਮੀਰ ’ਚ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਸੁਰੱਖਿਆ ਏਜੰਸੀਆਂ : ਸ਼ਾਹ

ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ-ਕਸ਼ਮੀਰ ’ਚ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ‘ਜ਼ੀਰੋ ਘੁਸਪੈਠ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

ਜੰਮੂ-ਕਸ਼ਮੀਰ ’ਚ ਸੁਰੱਖਿਆ ਸਥਿਤੀ ’ਤੇ 2 ਦਿਨਾਂ ਉੱਚ-ਪੱਧਰੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਲਗਾਤਾਰ ਤੇ ਤਾਲਮੇਲ ਭਰੇ ਯਤਨਾਂ ਕਾਰਨ ਕੇਂਦਰ ਸ਼ਾਸਤ ਪ੍ਰਦੇਸ਼ ’ਚ ਅੱਤਵਾਦੀ ਮਾਹੌਲ ਕਮਜ਼ੋਰ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਡਾ ਮੰਤਵ ਅੱਤਵਾਦ ਨੂੰ ਜੜ੍ਹੋਂ ਪੁੱਟਣਾ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ।

ਨਸ਼ਿਆਂ ਦੇ ਵਪਾਰ ਰਾਹੀਂ ਅੱਤਵਾਦੀਆਂ ਦੇ ਵਿੱਤੀ ਪੋਸ਼ਣ ’ਤੇ ਤੁਰੰਤ ਤੇ ਸਖ਼ਤੀ ਨਾਲ ਰੋਕ ਲਾਈ ਜਾਣੀ ਚਾਹੀਦੀ ਹੈ।

ਅਮਿਤ ਸ਼ਾਹ ਨੇ ਮੰਗਲਵਾਰ ਤੇ ਬੁੱਧਵਾਰ ਲਗਾਤਾਰ 2 ਦਿਨ ਮੀਟਿੰਗਾਂ ’ਚ ਫੌਜ, ਪੁਲਸ, ਨੀਮ ਸੁਰੱਖਿਆ ਫੋਰਸਾਂ ਤੇ ਹੋਰ ਉੱਚ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।

ਇਹ ਪਹਿਲਾ ਮੌਕਾ ਸੀ ਜਦੋਂ ਗ੍ਰਹਿ ਮੰਤਰੀ ਨੇ ਲਗਾਤਾਰ 2 ਦਿਨਾਂ ਤੱਕ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਮੀਟਿੰਗਾਂ ’ਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਡੀ. ਜੀ. ਪੀ. ਨਲਿਨ ਪ੍ਰਭਾਤ, ਜ਼ਮੀਨੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਤੇ ਹੋਰ ਉੱਚ ਫੌਜੀ, ਪੁਲਸ ਅਤੇ ਸਿਵਲ ਅਧਿਕਾਰੀ ਸ਼ਾਮਲ ਹੋਏ।

ਇਹ ਮੀਟਿੰਗਾਂ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ’ਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ’ਚ ਰੱਖ ਕੇ ਕੀਤੀਆਂ ਗਈਆਂ ਸਨ। ਇਨ੍ਹਾਂ ’ਚ ਇਕ ਸਾਬਕਾ ਫੌਜੀ ਮਨਜ਼ੂਰ ਅਹਿਮਦ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਪਤਨੀ ਤੇ ਭਤੀਜੀ ਜ਼ਖਮੀ ਹੋ ਗਏ ਸਨ।


author

Rakesh

Content Editor

Related News