ਜੰਮੂ-ਕਸ਼ਮੀਰ ’ਚੋਂ ਅਫਸਪਾ ਹਟਾਉਣ ਅਤੇ ਫੌਜ ਨੂੰ ਵਾਪਸ ਬੁਲਾਉਣ ਦੀ ਯੋਜਨਾ : ਸ਼ਾਹ
Wednesday, Mar 27, 2024 - 12:40 PM (IST)
ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਤੋਂ ਆਰਮਡ ਫੋਰਸਿਜ਼ (ਸਪੈਸ਼ਲ ਪਾਵਰਜ਼) ਐਕਟ (ਅਫ਼ਸਪਾ) ਨੂੰ ਵਾਪਸ ਲੈਣ ਬਾਰੇ ਵਿਚਾਰ ਕਰੇਗੀ। ਸ਼ਾਹ ਨੇ ਜੇ. ਕੇ. ਮੀਡੀਆ ਸਮੂਹ ਨਾਲ ਇਕ ਇੰਟਰਵਿਊ ਵਿਚ ਇਹ ਵੀ ਕਿਹਾ ਕਿ ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚੋਂ ਫੌਜ ਨੂੰ ਵਾਪਸ ਬੁਲਾਉਣ ਅਤੇ ਕਾਨੂੰਨ ਅਤੇ ਵਿਵਸਥਾ ਨੂੰ ਇਕੱਲੇ ਜੰਮੂ-ਕਸ਼ਮੀਰ ਪੁਲਸ ਉੱਤੇ ਛੱਡਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜੰਮੂ-ਕਸ਼ਮੀਰ ਪੁਲਸ ’ਤੇ ਭਰੋਸਾ ਨਹੀਂ ਕੀਤਾ ਜਾਂਦਾ ਸੀ ਪਰ ਅੱਜ ਉਹ ਆਪ੍ਰੇਸ਼ਨ ਦੀ ਅਗਵਾਈ ਕਰ ਰਹੀ ਹੈ।
ਅਫਸਪਾ ਅਸ਼ਾਂਤ ਖੇਤਰਾਂ ਵਿਚ ਕੰਮ ਕਰ ਰਹੀ ਹਥਿਆਰਬੰਦ ਫੌਜ ਦੇ ਕਰਮਚਾਰੀਆਂ ਨੂੰ ਜਨਤਕ ਵਿਵਸਥਾ ਬਣਾਈ ਰੱਖਣ ਲਈ ਲੋੜ ਪੈਣ ’ਤੇ ਤਲਾਸ਼ੀ ਲੈਣ, ਗ੍ਰਿਫਤਾਰ ਕਰਨ ਅਤੇ ਗੋਲੀ ਚਲਾਉਣ ਲਈ ਵਿਆਪਕ ਸ਼ਕਤੀਆਂ ਦਿੰਦਾ ਹੈ। ਸ਼ਾਹ ਨੇ ਪਹਿਲਾਂ ਕਿਹਾ ਸੀ ਕਿ ਉੱਤਰ-ਪੂਰਬੀ ਸੂਬਿਆਂ ਦੇ 70 ਫੀਸਦੀ ਖੇਤਰਾਂ ਤੋਂ ਅਫਸਪਾ ਹਟਾ ਲਿਆ ਗਿਆ ਹੈ, ਹਾਲਾਂਕਿ ਇਹ ਜੰਮੂ-ਕਸ਼ਮੀਰ ਵਿਚ ਲਾਗੂ ਹੈ। ਜੰਮੂ-ਕਸ਼ਮੀਰ ਅਤੇ ਉੱਤਰ-ਪੂਰਬੀ ਸੂਬਿਆਂ ਦੇ ਵੱਖ-ਵੱਖ ਸੰਗਠਨਾਂ ਅਤੇ ਵਿਅਕਤੀਆਂ ਨੇ ਅਫਸਪਾ ਹਟਾਉਣ ਦੀ ਮੰਗ ਕੀਤੀ ਹੈ।
ਸ਼ਾਹ ਨੇ ਕਿਹਾ ਕਿ ਸਤੰਬਰ ਤੋਂ ਪਹਿਲਾਂ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਲੋਕਤੰਤਰ ਸਥਾਪਿਤ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਾਅਦਾ ਹੈ ਅਤੇ ਇਸ ਨੂੰ ਪੂਰਾ ਕੀਤਾ ਜਾਵੇਗਾ।