ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ
Sunday, Dec 19, 2021 - 07:49 PM (IST)
ਨਵੀਂ ਦਿੱਲੀ- ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਵਾਪਰੀ ਘਟਨਾ ਨੂੰ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖ਼ਤ ਨਿੰਦਾ ਕੀਤੀ ਹੈ।
ਇਹ ਖ਼ਬਰ ਪੜ੍ਹੋ- ਭਾਰਤ ਨੇ ਏਸ਼ੀਆਈ ਚੈਂਪੀਅਨਸ ਟਰਾਫੀ 'ਚ ਜਾਪਾਨ ਨੂੰ 6-0 ਨਾਲ ਹਰਾਇਆ
ਦੱਸ ਦੇਈਏ ਕਿ ਕੱਲ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਉਸ ਸਮੇਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮੌਕੇ 'ਤੇ ਹੀ ਮਾਰ ਦਿੱਤਾ ਗਿਆ। ਇਸ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਐੱਸ. ਆਈ. ਟੀ. (SIT) ਦਾ ਗਠਨ ਕੀਤਾ ਹੈ। ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਮਾਮਲੇ 'ਚ ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਪੁਲਸ ਨੇ ਧਾਰਾ 295 ਏ ਅਤੇ 307 ਦਾ ਮਾਮਲਾ ਦਰਜ ਕੀਤਾ ਹੈ।
ਬੀਤੇ ਕੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਦਰਬਾਰ ਸਾਹਿਬ 'ਚ ਹੋਈ ਬੇਅਦਬੀ ਦੀ ਕੋਸ਼ਿਸ਼ ਨੂੰ ਇਕ ਘਿਨਾਉਣੀ ਹਰਕਤ ਤੇ ਇਕ ਵੱਡੀ ਸਾਜ਼ਿਸ਼ ਦੱਸਿਆ ਸੀ ਤੇ ਕਿਹਾ ਸੀ ਕਿ ਉਨ੍ਹਾਂ ਨੇ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ। ਜਿਸ ਦੌਰਾਨ ਉਨ੍ਹਾਂ ਨੇ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਸੀ ਕਿ ਭਾਰਤ ਸਰਕਾਰ ਬੇਅਦਬੀ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਪੂਰਾ ਸਹਿਯੋਗ ਦੇਵੇਗੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।