1984 ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ RP ਸਿੰਘ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
Wednesday, Jan 11, 2023 - 04:41 PM (IST)
ਨਵੀਂ ਦਿੱਲੀ- ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ 1984 ਸਿੱਖ ਦੰਗਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਜ਼ਰੀਏ ਉਨ੍ਹਾਂ ਨੇ 1984 ਸਿੱਖ ਦੰਗਿਆਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਆਰ. ਪੀ. ਸਿੰਘ ਨੇ ਕਿਹਾ ਕਿ ਜਸਟਿਸ SN ਢੀਂਗਰਾ ਦੀ ਰਿਪੋਰਟ ਅਨੁਸਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਰਤ ਸਰਕਾਰ ਨੂੰ ਸੁਪਰੀਮ ਕੋਰਟ ਨੂੰ ਦਿੱਤੇ ਭਰੋਸੇ ਮੁਤਾਬਕ ਕਾਰਵਾਈ ਕਰਨ ਦੀ ਲੋੜ ਹੈ।
ਆਰ. ਪੀ. ਸਿੰਘ ਨੇ ਚਿੱਠੀ ਵਿਚ ਇਹ ਵੀ ਕਿਹਾ ਕਿ ਉਨ੍ਹਾਂ ਨੇ 18 ਜੂਨ 2020 ਨੂੰ ਵੀ ਚਿੱਠੀ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਸਟਿਸ SN ਢੀਂਗਰਾ ਦੀ ਪ੍ਰਧਾਨਗੀ ਵਿਚ ਬਣੀ SIT ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ 15 ਅਪ੍ਰੈਲ 2019 ਨੂੰ ਸੁਪਰੀਮ ਕੋਰਟ ਵਿਚ ਰਿਪੋਰਟ ਦਾਖ਼ਲ ਕੀਤੀ ਸੀ। ਇਸ ਰਿਪੋਰਟ ਨੂੰ ਕੇਂਦਰ ਸਰਕਾਰ ਨੇ ਵੀ ਮਨਜ਼ੂਰ ਕਰ ਕੇ ਕਾਰਵਾਈ ਦਾ ਭਰੋਸਾ ਦਿੱਤਾ ਸੀ।
ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗੇ, ਜਿਨ੍ਹਾਂ ਨੂੰ ਸਿੱਖ ਕਤਲੇਆਮ ਵਜੋਂ ਵੀ ਜਾਣਿਆ ਜਾਂਦਾ ਹੈ। ਸਾਬਕਾ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦਿੱਲੀ ਵਿਚ ਦੰਗੇ ਸ਼ੁਰੂ ਹੋਏ ਸਨ। 1984 ਨੂੰ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਦੋ ਸਿੱਖ ਗਾਰਡਾਂ ਨੇ ਕਤਲ ਕਰ ਦਿੱਤਾ ਸੀ। ਦਿੱਲੀ ਤੋਂ ਸ਼ੁਰੂ ਹੋ ਕੇ ਇਹ ਦੰਗੇ ਦੇਸ਼ ਦੇ ਕਈ ਹਿੱਸਿਆਂ ਵਿਚ ਫੈਲ ਗਏ ਸਨ। ਇਕ ਰਿਪੋਰਟ ਮੁਤਾਬਕ ਇਨ੍ਹਾਂ ਦੰਗਿਆਂ ਦੌਰਾਨ ਦਿੱਲੀ ਵਿਚ ਹੀ 2 ਹਜ਼ਾਰ ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ ਸੀ।