ਬਾਈਕ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ, ਚਾਕੂ ਨਾਲ ਕੀਤਾ ਹਮਲਾ, ਇੱਕ ਦੀ ਮੌ.ਤ
Friday, Nov 15, 2024 - 02:12 AM (IST)
ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਬਾਈਕ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ 'ਚ ਇਕ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਵਿਅਕਤੀ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੂਜੀ ਧਿਰ ਦੇ ਪਿਓ-ਪੁੱਤ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਪੂਰਾ ਮਾਮਲਾ ਗਾਜ਼ੀਆਬਾਦ ਜ਼ਿਲ੍ਹੇ ਦੇ ਸ਼ੰਕਰ ਵਿਹਾਰ ਦਾ ਹੈ। ਸਹਾਇਕ ਪੁਲਸ ਕਮਿਸ਼ਨਰ ਸਵਤੰਤਰ ਕੁਮਾਰ ਸਿੰਘ ਨੇ ਦੱਸਿਆ ਕਿ ਸ਼ੰਕਰ ਵਿਹਾਰ ਦੇ ਰਹਿਣ ਵਾਲੇ ਆਸਿਫ ਨੇ ਵੀਰਵਾਰ ਨੂੰ ਐੱਫ.ਆਈ.ਆਰ. ਸ਼ਿਕਾਇਤ 'ਚ ਇਲਜ਼ਾਮ ਲਾਇਆ ਹੈ ਕਿ ਬੁੱਧਵਾਰ ਨੂੰ ਉਸ ਦੇ ਪਿਤਾ ਨੇ ਨੰਨ੍ਹੇ ਮਲਿਕ ਅਤੇ ਭਰਾ ਸਲਮਾਨ ਦੀ ਪਾਰਕਿੰਗ ਨੂੰ ਲੈ ਕੇ ਚਾਰ ਲੋਕਾਂ ਨਾਲ ਝਗੜਾ ਹੋ ਗਿਆ ਸੀ। ਮਾਮਲਾ ਵਧਦੇ ਹੀ ਦੋਸ਼ੀਆਂ ਨੇ ਨੰਨ੍ਹੇ ਅਤੇ ਸਲਮਾਨ ਨੂੰ ਘੇਰ ਲਿਆ ਅਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਏ.ਸੀ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਇਸ ਹਮਲੇ ਵਿੱਚ ਨੰਨ੍ਹੇ ਅਤੇ ਸਲਮਾਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਦਿੱਲੀ ਦੇ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਨੰਨ੍ਹੇ ਮਲਿਕ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਦੌਰਾਨ ਸਲਮਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਗੰਭੀਰ ਹਾਲਤ 'ਚ ਇਲਾਜ ਚੱਲ ਰਿਹਾ ਹੈ। ਸਲਮਾਨ ਦੇ ਛੋਟੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਇਸ ਵਾਰਦਾਤ 'ਚ ਸ਼ਾਮਲ ਜ਼ਾਕਿਰ ਅਤੇ ਉਸ ਦੇ ਬੇਟੇ ਸ਼ਾਕਿਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੇ ਦੋ ਚਾਕੂ ਵੀ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਚਾਰ ਨਾਮੀ ਅਤੇ ਚਾਰ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਸ ਅਨੁਸਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਫਿਲਹਾਲ ਪੁਲਸ ਬਾਕੀ ਹਮਲਾਵਰਾਂ ਨੂੰ ਫੜਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।