ਲਾਲ ਕਿਲ੍ਹਾ ਹਿੰਸਾ ਮਾਮਲਾ : ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ''ਤੇ ਲੱਗੀ ਰੋਕ

Saturday, Jun 26, 2021 - 03:47 PM (IST)

ਲਾਲ ਕਿਲ੍ਹਾ ਹਿੰਸਾ ਮਾਮਲਾ :  ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ''ਤੇ ਲੱਗੀ ਰੋਕ

ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦੋਸ਼ੀ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ 'ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਦਿੱਲੀ ਪੁਲਸ ਨੂੰ 3 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਲੱਖਾ ਵਲੋਂ ਪੇਸ਼ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਉਸ ਦਾ ਲਾਲ ਕਿਲ੍ਹੇ 'ਚ ਹੋਈ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੁਲਸ ਨੇ ਵੀ ਸਵੀਕਾਰ ਕੀਤਾ ਹੈ ਕਿ ਲੱਖਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਚ ਪ੍ਰਵੇਸ਼ ਨਹੀਂ ਕੀਤਾ ਸੀ।

19 ਜੂਨ ਨੂੰ ਮੈਟਰੋਪਾਲਿਟਨ ਮੈਜਿਸਟਰੇਟ ਨੇ ਲਾਲ ਕਿਲ੍ਹੇ 'ਤੇ ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਵਲੋਂ ਦਾਇਰ ਚਾਰਜਸ਼ੀਟ 'ਤੇ ਨੋਟਿਸ ਲਿਆ ਸੀ। ਚਾਰਜਸ਼ੀਟ 'ਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਕਬਜ਼ੇ ਦੀ ਸਾਜਿਸ਼ ਰਚੀ ਗਈ ਸੀ ਅਤੇ ਲਾਲ ਕਿਲ੍ਹੇ ਨੂੰ ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਣਾਉਣ ਦੀ ਯੋਜਨਾ ਸੀ। ਚਾਰਜਸ਼ੀਟ 'ਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਦੇ ਦਿਨ ਹਿੰਸਾ ਫ਼ੈਲਾਉਣ ਦੀ ਸਾਜਿਸ਼ ਸੀ। ਇਸ ਹਿੰਸਾ ਰਾਹੀਂ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਯੋਜਨਾ ਬਣਾਈ ਗਈ ਸੀ। ਦੱਸਣਯੋਗ ਹੈ ਕਿ 17 ਜੂਨ ਨੂੰ ਦਿੱਲੀ ਪੁਲਸ ਨੇ ਇਸ ਮਾਮਲੇ 'ਚ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਸੀ।


author

DIsha

Content Editor

Related News