ਦਿੱਲੀ ''ਚ ਕਾਨੂੰਨ ਵਿਵਸਥਾ ਸੁਧਾਰਨ ਲਈ ਕੇਂਦਰ ਨੂੰ ਪੂਰੀ ਮਦਦ ਦੇਵਾਂਗੇ : ਕੇਜਰੀਵਾਲ
Monday, Jun 24, 2019 - 05:52 PM (IST)

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ 'ਚ ਕਾਨੂੰਨ ਵਿਵਸਥਾ ਵਿਚ ਸੁਧਾਰ ਲਈ ਉਹ ਕੇਂਦਰ ਨੂੰ ਪੂਰਾ ਸਹਿਯੋਗ ਦੇਣਗੇ। ਕੇਜਰੀਵਾਲ ਦਾ ਇਹ ਬਿਆਨ ਰਾਸ਼ਟਰੀ ਰਾਜਧਾਨੀ 'ਚ ਵਧ ਰਹੀਆਂ ਅਪਰਾਧ ਦੀਆਂ ਘਟਨਾਵਾਂ ਲਈ ਉਨ੍ਹਾਂ ਦੀ ਪਾਰਟੀ ਵਲੋਂ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਦੇ ਇਕ ਦਿਨ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਸ਼ਨੀਵਾਰ ਨੂੰ 9 ਕਤਲ ਕੀਤੇ ਗਏ। ਉਨ੍ਹਾਂ ਨੇ ਕਿਹਾ, ''ਦਿੱਲੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਸੁਧਾਰ ਲਈ ਸਾਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਦਿੱਲੀ ਸਰਕਾਰ ਨੇ ਵੱਡੇ ਪੱਧਰ 'ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਤੋਂ ਜ਼ਰੂਰੀ ਕਦਮ ਚੁੱਕਣ ਵਿਚ ਮਦਦ ਮਿਲੇਗੀ।''
ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਏਜੰਸੀਆਂ, ਸਰਕਾਰਾਂ ਅਤੇ ਦਿੱਲੀ ਵਾਸੀਆਂ ਨੂੰ ਇਕੱਠੇ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ। ਅਸੀਂ ਕੇਂਦਰ ਸਰਕਾਰ ਨਾਲ ਪੂਰਾ ਸਹਿਯੋਗ ਕਰਾਂਗੇ। ਰਾਜਨੀਤੀ ਤੋਂ ਉੱਪਰ ਉੱਠ ਕੇ ਸਾਨੂੰ ਸ਼ਹਿਰ ਵਿਚ ਕਾਨੂੰਨ ਵਿਵਸਥਾ ਵਿਚ ਸੁਧਾਰ ਕਰਨ ਲਈ ਮਿਲ ਕੇ ਕੰਮ ਕਰਨਾ ਹੋਵੇਗਾ। ਓਧਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੈ ਸਿੰਘ ਨੇ ਰਾਜ ਸਭਾ ਵਿਚ ਕਿਹਾ ਕਿ ਦਿੱਲੀ ਦੇਸ਼ ਦੀ ਅਪਰਾਧ ਰਾਜਧਾਨੀ ਦੇ ਰੂਪ ਵਿਚ ਉੱਭਰ ਰਹੀ ਹੈ। ਉਨ੍ਹਾਂ ਨੇ ਗ੍ਰਹਿ ਮੰਤਰਾਲੇ ਤੋਂ ਇਸ ਮੁੱਦੇ 'ਤੇ ਚਰਚਾ ਕਰਨ ਲਈ ਬੈਠਕ ਬੁਲਾਉਣ ਦੀ ਬੇਨਤੀ ਕੀਤੀ ਹੈ।