ਪੈਗੰਬਰ ਵਿਵਾਦ ਨੂੰ ਲੈ ਕੇ ਓਵੈਸੀ ਨੇ ਘੇਰੀ BJP, ਨੂਪੁਰ ਸ਼ਰਮਾ ’ਤੇ ਦਿੱਤਾ ਵੱਡਾ ਬਿਆਨ
Sunday, Jun 19, 2022 - 10:54 AM (IST)
ਹੈਦਰਾਬਾਦ– ਪੈਗੰਬਰ ਮੁਹੰਮਦ ਨੂੰ ਲੈ ਕੇ ਕੀਤੇ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਭਾਜਪਾ ਬੁਲਾਰਾ ਨੂਪੁਰ ਸ਼ਰਮਾ ਦੀਆਂ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਹੈ। ਪੈਗੰਬਰ ਵਿਵਾਦ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ’ਚ ਵਿਵਾਦ ਵੀ ਹੋਏ ਹਨ ਅਤੇ ਇੱਥੋਂ ਤੱਕ ਇਸ ਦਾ ਸੇਕ ਖਾੜੀ ਦੇਸ਼ਾਂ ਤੱਕ ਪਿਆ। ਭਾਜਪਾ ਵਲੋਂ ਨੂਪੁਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (AIMIM) ਦੇ ਮੁਖੀ ਅਸਦੁਦੀਨ ਓਵੈਸੀ ਨੇ ਪੈਗੰਬਰ ਮੁਹੰਮਦ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਲਈ ਮੁਅੱਤਲ ਭਾਜਪਾ ਬੁਲਾਰਾ ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਸ ਵਿਰੁੱਧ ਭਾਰਤੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਓਵੈਸੀ ਨੇ ਅੱਗੇ ਕਿਹਾ ਕਿ ਨੂਪੁਰ ਸ਼ਰਮਾ ਨੂੰ ਵੱਡੇ ਨੇਤਾ ਵਜੋਂ ਪੇਸ਼ ਕੀਤਾ ਜਾਵੇਗਾ ਅਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰ ਵੀ ਬਣ ਸਕਦੀ ਹੈ।
ਓਵੈਸੀ ਨੇ ਅੱਗੇ ਕਿਹਾ ਕਿ ਨੂਪੁਰ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਦੇ ਖ਼ਿਲਾਫ ਭਾਰਤ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਸੀਂ ਸੰਵਿਧਾਨ ਮੁਤਾਬਕ ਕਾਰਵਾਈ ਚਾਹੁੰਦੇ ਹਾਂ। ਉਨ੍ਹਾਂ ਕਿਹਾ ਮੈਨੂੰ ਪਤਾ ਹੈ ਕਿ ਆਉਣ ਵਾਲੇ 6-7 ਮਹੀਨਿਆਂ ਵਿਚ ਨੂਪੁਰ ਸ਼ਰਮਾ ਇਕ ਵੱਡੀ ਆਗੂ ਬਣ ਜਾਵੇਗੀ। ਇਹ ਵੀ ਸੰਭਵ ਹੋ ਸਕਦਾ ਹੈ ਕਿ ਨੂਪੁਰ ਸ਼ਰਮਾ ਨੂੰ ਦਿੱਲੀ ਦੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੂਪੁਰ ਸ਼ਰਮਾ ਦੀ ਸੁਰੱਖਿਆ ਕਰ ਰਹੀ ਹੈ।
ਓਵੈਸੀ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰ ਰਹੇ ਹਾਂ ਅਤੇ ਉਹ ਇਕ ਵੀ ਸ਼ਬਦ ਨਹੀਂ ਬੋਲਦੇ ਹਨ। AIMIM ਨੇ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਕਾਂਗਰਸ ਦੇ ਨੇਤਾ ਨਸੀਮ ਖਾਨ ਨੇ ਵੀ ਭਾਜਪਾ ਦੇ ਮੁਅੱਤਲ ਬੁਲਾਰਾ ਨੂਪੁਰ ਸ਼ਰਮਾ ਅਤੇ ਭਾਜਪਾ ਨੇਤਾ ਨਵੀਨ ਕੁਮਾਰ ਜਿੰਦਲ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸ਼ਰਮਾ ਨੇ ਗਿਆਨਵਾਪੀ ਮੁੱਦੇ 'ਤੇ ਇਕ ਟੈਲੀਵਿਜ਼ਨ ਨਿਊਜ਼ ਬਹਿਸ ਦੌਰਾਨ ਪੈਗੰਬਰ ਮੁਹੰਮਦ ਵਿਰੁੱਧ ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਵਲੋਂ ਪੈਗੰਬਰ ਮੁਹੰਮਦ 'ਤੇ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਪੱਛਮੀ ਬੰਗਾਲ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਿਆਂ 'ਚ ਵਿਰੋਧ ਪ੍ਰਦਰਸ਼ਨ ਹੋਏ।
ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਝਾਰਖੰਡ ਵਿਚ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਏ। ਰਾਂਚੀ 'ਚ ਹਿੰਸਕ ਪ੍ਰਦਰਸ਼ਨ ਦੌਰਾਨ 2 ਲੋਕਾਂ ਦੀ ਮੌਤ ਹੋ ਗਈ।