ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
Thursday, Feb 10, 2022 - 01:38 PM (IST)
ਲਖਨਊ (ਵਾਰਤਾ)- ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਵੀਰਵਾਰ ਨੂੰ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ। ਇਸ ਮਾਮਲੇ ਦੀ ਪਹਿਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਜੱਜ ਰਾਜੀਵ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਅਤੇ ਆਦੇਸ਼ ਸੁਰੱਖਿਅਤ ਰੱਖਿਆ। ਸੂਬਾ ਸਰਕਾਰ ਵਲੋਂ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਜ਼ਿਲ੍ਹੇ 'ਚ ਹੋਈ ਹਿੰਸਾ 'ਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਦੇ ਮਾਮਲੇ 'ਚ ਆਸ਼ੀਸ਼ ਮੁੱਖ ਦੋਸ਼ੀ ਹੈ। ਆਸ਼ੀਸ਼ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਪੁੱਤਰ ਹੈ। ਪਹਿਲੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਸੈਸ਼ਨ ਅਦਾਲਤ ਤੋਂ ਖਾਰਜ ਹੋ ਚੁਕੀ ਸੀ, ਜਿਸ ਤੋਂ ਬਾਅਦ ਉਸ ਨੇ ਜ਼ਮਾਨਤ ਲਈ ਹਾਈ ਕੋਰਟ ਦੀ ਸ਼ਰਨ ਲਈ ਸੀ।
ਇਹ ਵੀ ਪੜ੍ਹੋ : ਭਗਵੰਤ ਮਾਨ ਲਈ ਚੋਣ ਪ੍ਰਚਾਰ ਕਰਨ ਭਲਕੇ ਪੰਜਾਬ ਆਉਣਗੀਆਂ ਕੇਜਰੀਵਾਲ ਦੀ ਪਤਨੀ ਅਤੇ ਧੀ
ਦੱਸਣਯੋਗ ਹੈ ਕਿ 3 ਅਕਤੂਬਰ (ਐਤਵਾਰ) ਨੂੰ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਵਿਰੋਧ ਕਰਦੇ ਹੋਏ ਕਾਲੇ ਝੰਡੇ ਦਿਖਾਏ ਸਨ। ਇਸ ਦੌਰਾਨ ਇਕ ਗੱਡੀ ਨੇ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ’ਚ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹਿੰਸਾ ਭੜਕ ਗਈ ਸੀ। ਭੜਕੀ ਹਿੰਸਾ ਦੌਰਾਨ ਇਕ ਪੱਤਰਕਾਰ ਸਮੇਤ 4 ਹੋਰ ਦੀ ਵੀ ਮੌਤ ਹੋਈ ਸੀ। ਇਸ ਮਾਮਲੇ ’ਚ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਵਿਰੁੱਧ ਕਤਲ ਅਤੇ ਅਪਰਾਧਕ ਸਾਜਿਸ਼ ਦਾ ਕੇਸ ਦਰਜ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ