ਆਸਾਮ ''ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਲੋਕਾਂ ਦੀ ਮੌਤ
Friday, Feb 22, 2019 - 04:20 PM (IST)
ਗੁਹਾਟੀ— ਆਸਾਮ 'ਚ ਗੋਲਾਘਾਟ ਜ਼ਿਲੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 17 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਲੋਕ ਹਲਮਿਰਾ ਚਾਹ ਬਗੀਚੇ ਏਰੀਆ ਦੇ ਰਹਿਣ ਵਾਲੇ ਸਨ। ਇਹ ਸਾਰੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਬੀਮਾਰ ਪੈ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੋਲਾਘਾਟ ਦੇ ਸ਼ਹੀਦ ਕੁਸ਼ਲ ਕੰਵਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਅਧਿਕਾਰਤ ਸੂਤਰਾਂ ਅਨੁਸਾਰ ਸ਼ਰਾਬ ਪੀਣ ਕਾਰਨ ਕਰੀਬ 21 ਲੋਕਾਂ ਦੀ ਸਿਹਤ ਅਚਾਨਕ ਖਰਾਬ ਹੋ ਗਏ। ਜਦੋਂ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਤਾਂ ਇਨ੍ਹਾਂ 'ਚੋਂ 17 ਦੀ ਮੌਤ ਹੋ ਗਈ, ਜਦੋਂ ਕਿ ਬਾਕੀ ਲੋਕਾਂ ਦਾ ਇਲਾਜ ਅਜੇ ਵੀ ਚੱਲ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਮੌਤ ਦਾ ਆਂਕੜਾ ਵਧ ਸਕਦਾ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਸ਼ਰਾਬ ਦੇ ਨਮੂਨੇ ਜਮ੍ਹਾ ਕਰ ਲਏ ਹਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।
ਜ਼ਿਕਰਯੋਗ ਹੈ ਕਿ ਇਕ ਮਹੀਨੇ ਪਹਿਲਾਂ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵਧ ਲੋਕਾਂ ਦੀ ਮੌਤ ਹੋ ਗਈ ਸੀ। ਉਤਰਾਖੰਡ ਦੇ ਰੁੜਕੀ 'ਚ 31, ਸਹਾਰਨਪੁਰ 'ਚ 64 ਅਤੇ ਕੁਸ਼ੀਨਗਰ 'ਚ ਕਰੀਬ 8 ਲੋਕਾਂ ਦੀ ਮੌਤ ਹੋਈ ਸੀ। ਇਨ੍ਹਾਂ ਮੌਤਾਂ ਤੋਂ ਬਾਅਦ ਯੋਗੀ ਸਰਕਾਰ ਨੇ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਪੂਰੇ ਪ੍ਰਦੇਸ਼ 'ਚ ਮੁਹਿੰਮ ਸ਼ੁਰੂ ਕੀਤੀ ਸੀ। ਇਸ ਮਾਮਲੇ 'ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
