ਜੰਮੂ ਕਸ਼ਮੀਰ ''ਚ ਜਲਦ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ, ਚੋਣ ਕਮਿਸ਼ਨ ਨੇ ਦਿੱਤਾ ਸੰਕੇਤ
Sunday, Jun 09, 2024 - 12:45 PM (IST)

ਨਵੀਂ ਦਿੱਲੀ (ਭਾਸ਼ਾ)- ਜੰਮੂ ਕਸ਼ਮੀਰ 'ਚ ਜਲਦ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਸੰਕੇਤ ਦਿੰਦੇ ਹੋਏ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਚੋਣ ਚਿੰਨ੍ਹ ਦੀ ਵੰਡ ਲਈ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਦਲਾਂ ਦੀਆਂ ਅਰਜ਼ੀਆਂ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰਨ ਦਾ ਫ਼ੈਸਲਾ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਚੋਣ ਚਿੰਨ੍ਹ (ਸੁਰੱਖਿਅਤ ਅਧਿਕਾਰ ਅਤੇ ਅਲਾਟਮੈਂਟ) ਆਦੇਸ਼, 1968 ਦੇ ਪੈਰਾ 10ਬੀ ਦੇ ਅਧੀਨ ਕੋਈ ਵੀ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਕ ਦਲ ਸਦਨ ਦਾ ਕਾਰਜਕਾਲ ਖ਼ਤਮ ਹੋਣ ਤੋਂ 6 ਮਹੀਨੇ ਪਹਿਲਾਂ ਚੋਣ ਚਿੰਨ੍ਹ ਲਈ ਅਰਜ਼ੀ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਕਿਉਂਕਿ ਜੰਮੂ ਕਸ਼ਮੀਰ 'ਚ ਫਿਲਹਾਲ ਵਿਧਾਨ ਸਭਾ ਭੰਗ ਹੈ, ਇਸ ਲਈ ਚੋਣ ਕਮਿਸ਼ਨ ਨੇ ਇਕ ਬਿਆਨ ਜਾਰੀ ਕਰ ਕੇ ਚੋਣ ਚਿੰਨ੍ਹਾਂ ਲਈ ਅਰਜ਼ੀਆਂ ਮੰਗੀਆਂ ਹਨ। ਅਧਿਕਾਰੀ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਦਲਾਂ ਕੋਲ ਆਪਣੇ 'ਰਾਖਵੇਂ ਚਿੰਨ੍ਹ' ਹੁੰਦੇ ਹਨ, ਇਸ ਲਈ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਦਲਾਂ ਨੂੰ ਉਮੀਦਵਾਰ ਉਤਾਰਨ ਲਈ ਉਨ੍ਹਾਂ ਨੂੰ ਚੋਣ ਚਿੰਨ੍ਹ ਲਈ ਅਰਜ਼ੀ ਦੇਣੀ ਪੈਂਦੀ ਹੈ। ਲੋਕ ਸਭਾ ਚੋਣਾਂ 'ਚ ਜੰਮੂ ਕਸ਼ਮੀਰ 'ਚ ਵੋਟਰਾਂ ਦੀ ਹਿੱਸੇਦਾਰੀ ਤੋਂ ਉਤਸ਼ਾਹਤ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਹਾਲ ਹੀ 'ਚ ਕਿਹਾ ਸੀ ਕਿ ਚੋਣ ਕਮਿਸ਼ਨ 'ਬਹੁਤ ਜਲਦ' ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8