ਦਿੱਲੀ : ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ਨੂੰ ਲੱਗੀ ਭਿਆਨਕ ਅੱਗ, 26 ਲੋਕਾਂ ਦੀ ਹੋਈ ਮੌਤ
Friday, May 13, 2022 - 11:32 PM (IST)
ਨੈਸ਼ਨਲ ਡੈਸਕ-ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਇਕ ਵਪਾਰਕ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗ ਕਾਰਨ 26 ਲੋਕਾਂ ਦੀ ਮੌਤ ਹੋ ਗਈ ਅਤੇ ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਅੱਗ ਦੀ ਸੂਚਨਾ ਸ਼ਾਮ 4:40 'ਤੇ ਮਿਲੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਮੌਕੇ 'ਤੇ ਹੀ ਭੇਜੀਆਂ ਗਈਆਂ।
ਇਹ ਵੀ ਪੜ੍ਹੋ :- ਯੂਕ੍ਰੇਨ ਨੇ ਜੀ-7 ਨੂੰ ਹਥਿਆਰਾਂ ਦੀ ਸਪਲਾਈ ਤੇ ਰੂਸ 'ਤੇ ਦਬਾਅ ਵਧਾਉਣ ਦੀ ਕੀਤੀ ਅਪੀਲ
ਅਧਿਕਾਰੀਆਂ ਨੇ ਕਿਹਾ ਕਿ ਮੁੰਡਕਾ ਮੈਟਰੋ ਸਟੇਸ਼ਨ ਦੇ ਪਿਲਰ ਨੰਬਰ 544 ਨੇੜੇ ਸਥਿਤ ਇਮਾਰਤ ਨੂੰ ਲੱਗੀ ਅੱਗ ਨੂੰ ਬੁਝਾਉਣ ਦਾ ਕੰਮ ਜਾਰੀ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਇਮਾਰਤ 'ਚ ਫਸੇ ਲੋਕਾਂ ਨੂੰ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਬਾਹਰੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀ.ਸੀ.ਪੀ.) ਸਮੀਰ ਸ਼ਰਮਾ ਨੇ ਕਿਹਾ ਕਿ ਸ਼ੁਰੂਆਤ ਜਾਂਚ 'ਚ ਪਤਾ ਚਲਿਆ ਹੈ ਕਿ ਤਿੰਨ ਮੰਜ਼ਿਲਾਂ ਵਪਾਰਕ ਇਮਾਰਤ 'ਚ ਕੰਪਨੀਆਂ ਦੇ ਦਫ਼ਤਰ ਹਨ।
ਇਹ ਵੀ ਪੜ੍ਹੋ :- ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ ਤੇ 22 ਜ਼ਖਮੀ
ਉਥੇ ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਨਾਲ ਹੀ ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦ ਤੋਂ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪੀ.ਐੱਮ. ਮੋਦੀ ਨੇ ਟਵਿਟਰ 'ਤੇ ਲਿਖਿਆ, ਦਿੱਲੀ 'ਚ ਭਿਆਨਕ ਅੱਗ ਕਾਰਨ ਲੋਕਾਂ ਦੀ ਮੌਤ ਨਾਲ ਬੇਹਦ ਦੁਖੀ ਹਾਂ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਮੈਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵਿਟਰ 'ਤੇ ਪ੍ਰਧਾਨ ਮੰਤਰੀ ਰਾਹਤ ਫੰਡ ਰਾਹੀਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ