ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

Wednesday, Jan 07, 2026 - 11:18 PM (IST)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ — ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ “ਸਾਬਤਸ਼ੁਦਾ ਅਰਬਨ ਨਕਸਲ” ਕਰਾਰ ਦਿੱਤਾ ਹੈ। ਸਰਨਾ ਨੇ ਦੋਸ਼ ਲਗਾਇਆ ਕਿ ਦਿੱਲੀ ਵਿਧਾਨ ਸਭਾ ਵਿੱਚ ਚਰਚਾ ਦੌਰਾਨ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬੇਹੱਦ ਇਤਰਾਜ਼ਯੋਗ ਹਨ ਅਤੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਅਪਮਾਨ ਕਰਦੀਆਂ ਹਨ।

ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਆਤਿਸ਼ੀ ਦੇ ਬਿਆਨ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਵਿਰੋਧੀ ਸੋਚ ਨੂੰ ਬੇਨਕਾਬ ਕਰਦੇ ਹਨ। ਉਨ੍ਹਾਂ ਨੇ ਇਸ ਮਾਮਲੇ ਨੂੰ ਸਿੱਖ ਸਮਾਜ ਲਈ ਗੰਭੀਰ ਚਿਤਾਵਨੀ ਦੱਸਦਿਆਂ ਕਿਹਾ ਕਿ ਇਹ ਰਾਜਨੀਤਿਕ ਅਤੇ ਸਮਾਜਿਕ ਮੰਚਾਂ ’ਤੇ “ਅਰਬਨ ਨਕਸਲ” ਤੱਤਾਂ ਦੇ ਵਧਦੇ ਪ੍ਰਭਾਵ ਵੱਲ ਇਸ਼ਾਰਾ ਕਰਦਾ ਹੈ।

ਸਰਨਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ, ਖ਼ਾਸ ਕਰਕੇ ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਦਿੱਲੀ ਅਤੇ ਪੰਜਾਬ ਵਿੱਚ ਅਜਿਹੇ ਤੱਤਾਂ ਨੂੰ ਉਤਸ਼ਾਹ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਪਹਿਲਾਂ ਮਿੱਠੀਆਂ ਗੱਲਾਂ ਅਤੇ ਚਮਕਦਾਰ ਬਿਆਨਾਂ ਰਾਹੀਂ ਆਪਣੀ ਪਛਾਣ ਬਣਾਉਂਦੇ ਹਨ ਅਤੇ ਬਾਅਦ ਵਿੱਚ ਸਿੱਖ ਸੰਸਥਾਵਾਂ ਅਤੇ ਪਰੰਪਰਾਗਤ ਅਕਾਲੀ ਢਾਂਚਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੇ ਹਨ।

ਪੰਥਕ ਆਗੂ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਇਹ ਅਧਿਕਾਰ ਨਹੀਂ ਕਿ ਉਹ ਗੁਰੂ ਸਾਹਿਬਾਨ ਜਾਂ ਸਿੱਖ ਮਰਿਆਦਾ ਬਾਰੇ ਅਪਮਾਨਜਨਕ ਟਿੱਪਣੀਆਂ ਕਰੇ।

ਅੰਤ ਵਿੱਚ ਸਰਨਾ ਨੇ ਕਿਹਾ, “ਜਦੋਂ ਨਕਾਬ ਉਤਰਦਾ ਹੈ ਤਾਂ ਅਸਲੀ ਚਿਹਰਾ ਸਾਹਮਣੇ ਆ ਜਾਂਦਾ ਹੈ। ਸਿੱਖ ਕੌਮ ਨੂੰ ਅਜਿਹੇ ਤੱਤਾਂ ਦੀ ਪਛਾਣ ਕਰਨੀ ਹੋਵੇਗੀ ਅਤੇ ਖੁੱਲ੍ਹੇਆਮ ਉਨ੍ਹਾਂ ਦਾ ਵਿਰੋਧ ਕਰਨਾ ਹੋਵੇਗਾ, ਤਾਂ ਜੋ ਸਿੱਖ ਮਰਿਆਦਾ, ਸੰਸਥਾਵਾਂ ਅਤੇ ਗੁਰੂ ਸਾਹਿਬਾਨ ਦੀ ਮਹਾਨਤਾ ’ਤੇ ਕਦੇ ਕੋਈ ਆਂਚ ਨਾ ਆਵੇ।”
 


author

Inder Prajapati

Content Editor

Related News