ਆਤਿਸ਼ੀ ਵੀਡੀਓ ਮਾਮਲਾ : ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਅਧਿਕਾਰੀਆਂ ਤੋਂ ਇਕ ਹਫਤੇ ''ਚ ਮੰਗਿਆ ਜਵਾਬ
Thursday, Feb 05, 2026 - 06:50 PM (IST)
ਨਵੀਂ ਦਿੱਲੀ : ਆਤਿਸ਼ੀ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਤਕਰਾਰ ਲਗਾਤਾਰ ਵਧਦੀ ਜਾ ਰਹੀ ਹੈ। ਬੀਤੇ ਦਿਨ ਦਿੱਲੀ ਵਿਧਾਨ ਸਭਾ ਨੇ ਅਤਿਸ਼ੀ ਮਾਮਲੇ ਵਿਚ ਪੰਜਾਬ ਪੁਲਸ ਦੀ ਕਾਰਵਾਈ ਬਾਰੇ ਜਾਂਚ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪੀ ਸੀ ਤੇ ਹੁਣ ਕਮੇਟੀ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਇਕ ਹਫਤੇ ਵਿਚ ਜਵਾਬ ਦੇਣ ਲਈ ਕਿਹਾ ਗਿਆ ਹੈ।
ਸਿੱਖ ਗੁਰੂਆਂ ਵਿਰੁੱਧ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਦਿੱਲੀ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਪੱਤਰ ਅਨੁਸਾਰ, ਦਿੱਲੀ ਦੇ ਕਾਨੂੰਨ ਅਤੇ ਨਿਆਂ ਮੰਤਰੀ ਕਪਿਲ ਮਿਸ਼ਰਾ ਵੱਲੋਂ 02 ਫਰਵਰੀ 2026 ਨੂੰ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ (Ms. Atishi) ਵਿਰੁੱਧ ਸਿੱਖ ਗੁਰੂਆਂ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਪੰਜਾਬ ਪੁਲਸ ਦੇ ਵੱਡੇ ਅਧਿਕਾਰੀ 'ਤੇ ਕਾਰਵਾਈ
ਸਰੋਤਾਂ ਅਨੁਸਾਰ, ਦਿੱਲੀ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਦੇ ਵਤੀਰੇ ਅਤੇ ਦਸਤਾਵੇਜ਼ ਸਾਂਝੇ ਕਰਨ ਤੋਂ ਇਨਕਾਰ ਕਰਨ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਪਾਇਆ ਹੈ ਕਿ ਇਸ ਵਿੱਚ ਪਹਿਲੀ ਨਜ਼ਰੇ (Prima Facie) ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (Breach of Privilege) ਅਤੇ ਮਾਣਹਾਨੀ ਦਾ ਮਾਮਲਾ ਬਣਦਾ ਹੈ। ਇਸ ਮਾਮਲੇ ਵਿੱਚ ਵਧੀਕ ਮੁੱਖ ਸਕੱਤਰ (ਗ੍ਰਹਿ), ਡੀਜੀਪੀ ਪੰਜਾਬ ਗੌਰਵ ਯਾਦਵ, ਪੁਲਸ ਕਮਿਸ਼ਨਰ ਜਲੰਧਰ ਨੂੰ ਧਿਰ ਬਣਾਇਆ ਗਿਆ ਹੈ।
ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪਿਆ ਮਾਮਲਾ
ਸਪੀਕਰ ਨੇ ਇਸ ਪੂਰੇ ਮਾਮਲੇ ਨੂੰ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (Committee of Privileges) ਕੋਲ ਭੇਜ ਦਿੱਤਾ ਹੈ। ਕਮੇਟੀ ਨੂੰ ਪੰਜਾਬ ਪੁਲਸ ਦੀ ਕਾਰਵਾਈ ਅਤੇ ਕਪਿਲ ਮਿਸ਼ਰਾ ਦੀ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
12 ਫਰਵਰੀ ਤੱਕ ਜਵਾਬ ਤਲਬ
ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਪਰਸਨ ਪ੍ਰਦਿਊਮਨ ਸਿੰਘ ਦੇ ਨਿਰਦੇਸ਼ਾਂ 'ਤੇ, ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਮਾਮਲੇ 'ਤੇ ਆਪਣੇ ਲਿਖਤੀ ਜਵਾਬ 12 ਫਰਵਰੀ 2026 ਤੱਕ ਸਕੱਤਰੇਤ ਕੋਲ ਜਮ੍ਹਾਂ ਕਰਵਾਉਣ। ਇਹ ਪੱਤਰ ਦਿੱਲੀ ਵਿਧਾਨ ਸਭਾ ਦੇ ਸਕੱਤਰ ਰਣਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਕਾਰਵਾਈ ਨਾਲ ਦਿੱਲੀ ਸਰਕਾਰ ਅਤੇ ਪੰਜਾਬ ਪੁਲਿਸ ਵਿਚਾਲੇ ਟਕਰਾਅ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
