ਡਾਕਟਰਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਨਾਲ ਨਜਿੱਠਣਾ ਸੂਬਿਆਂ ਦੀ ਜ਼ਿੰਮੇਵਾਰੀ : ਕੇਂਦਰ

Tuesday, Jul 22, 2025 - 10:21 PM (IST)

ਡਾਕਟਰਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਨਾਲ ਨਜਿੱਠਣਾ ਸੂਬਿਆਂ ਦੀ ਜ਼ਿੰਮੇਵਾਰੀ : ਕੇਂਦਰ

ਨਵੀਂ ਦਿੱਲੀ, (ਭਾਸ਼ਾ)- ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਕਥਿਤ ਜਬਰ-ਜ਼ਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਗਠਿਤ ਰਾਸ਼ਟਰੀ ਟਾਸਕ ਫੋਰਸ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਚੁੱਕਾ ਹੈ। 

ਸੁਪਰੀਮ ਕੋਰਟ ਨੇ ਡਾਕਟਰਾਂ ਦੀ ਸੁਰੱਖਿਆ, ਕੰਮ ਕਰਨ ਦੀਆਂ ਸਥਿਤੀਆਂ ਅਤੇ ਭਲਾਈ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਇਸ ਰਾਸ਼ਟਰੀ ਟਾਸਕ ਫੋਰਸ (ਐੱਨ. ਟੀ. ਐੱਫ.) ਦਾ ਗਠਨ ਕੀਤਾ ਸੀ। ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਰਾਜ ਸਭਾ ਨੂੰ ਇਕ ਸਵਾਲ ਦੇ ਲਿਖਤੀ ਜਵਾਬ ’ਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਟਾਸਕ ਫੋਰਸ ਨੇ ਪਹਿਲਾਂ ਹੀ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਪਟੇਲ ਨੇ ਦੱਸਿਆ ਕਿ ‘ਸਿਹਤ’ ਅਤੇ ‘ਕਾਨੂੰਨ ਵਿਵਸਥਾ’ ਰਾਜ ਸੂਚੀ ਦੇ ਵਿਸ਼ੇ ਹਨ ਅਤੇ ਇਸ ਕਾਰਨ ਹਸਪਤਾਲਾਂ ਵਿਚ ਡਾਕਟਰਾਂ ’ਤੇ ਹਮਲਿਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਚਿਤ ਕਾਰਵਾਈ ਕਰਨਾ ਸਬੰਧਤ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਮੁੱਢਲੀ ਜ਼ਿੰਮੇਵਾਰੀ ਹੈ।


author

Rakesh

Content Editor

Related News