ਪਲਟ ਗਿਆ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਆਟੋ ! 4 ਹੋਏ ਜ਼ਖ਼ਮੀ
Saturday, Sep 12, 2026 - 06:00 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਪਿਪਰੀ ਥਾਣਾ ਖੇਤਰ ਵਿੱਚ ਸ਼ਨੀਵਾਰ ਦੁਪਹਿਰ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਆਟੋ ਰਿਕਸ਼ਾ ਬੇਕਾਬੂ ਹੋ ਕੇ ਪਲਟ ਗਿਆ। ਇਸ ਭਿਆਨਕ ਹਾਦਸੇ ਵਿੱਚ 4 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ 2 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਨੋਰੀ ਕਸਬੇ ਵਿੱਚ ਸਥਿਤ 'ਵਿਦਿਆ ਸਾਇੰਸ ਪਬਲਿਕ ਸਕੂਲ' ਦੀ ਛੁੱਟੀ ਹੋਣ ਤੋਂ ਬਾਅਦ ਲਗਭਗ ਇੱਕ ਦਰਜਨ ਬੱਚੇ ਆਟੋ 'ਚ ਸਵਾਰ ਹੋ ਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ। ਜਿਵੇਂ ਹੀ ਆਟੋ 'ਚਲੌਲੀ ਮੋੜ' ਨੇੜੇ ਪਹੁੰਚਿਆ, ਤਾਂ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਕੇ ਇਹ ਸੜਕ ਦੇ ਕਿਨਾਰੇ ਪਲਟ ਗਿਆ। ਇਸ ਹਾਦਸੇ 'ਚ ਪੀਯੂਸ਼, ਰਿਤੂ, ਆਯੂਸ਼ ਅਤੇ ਸ਼੍ਰੇਆ ਨਾਮਕ ਵਿਦਿਆਰਥੀ ਜ਼ਖ਼ਮੀ ਹੋ ਗਏ ਹਨ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪੀਯੂਸ਼ ਅਤੇ ਰਿਤੂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪ੍ਰਯਾਗਰਾਜ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
