ਚੋਣ ਪ੍ਰਚਾਰ ਦੌਰਾਨ ਔਰਤਾਂ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਕਰੋ ਗੁਰੇਜ਼: ਚੋਣ ਕਮਿਸ਼ਨਰ

Friday, Nov 08, 2024 - 05:20 PM (IST)

ਮੁੰਬਈ- ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਰਾਜੀਵ ਕੁਮਾਰ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਔਰਤਾਂ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਨਿੰਦਾ ਕੀਤੀ ਅਤੇ ਅਧਿਕਾਰੀਆਂ ਨੂੰ ਅਜਿਹੀਆਂ ਟਿੱਪਣੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨਾਲ ਵੀਡੀਓ ਕਾਨਫਰੰਸ ਰਾਹੀਂ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਮਾਰ ਨੇ ਮਹਿਲਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਅਸ਼ਲੀਲ ਟਿੱਪਣੀਆਂ ਦੀ ਨਿਖੇਧੀ ਕੀਤੀ ਅਤੇ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ 'ਚ ਕਾਰਵਾਈ ਕਰਨ ਲਈ ਕਿਹਾ।

ਸੂਤਰਾਂ ਨੇ ਦੱਸਿਆ ਕਿ ਪੁਲਸ ਕਮਿਸ਼ਨਰ, ਪੁਲਸ ਸੁਪਰਡੈਂਟ, ਜ਼ਿਲ੍ਹਾ ਚੋਣ ਅਧਿਕਾਰੀ, ਨਗਰ ਨਿਗਮ ਕਮਿਸ਼ਨਰ ਅਤੇ ਚੋਣ ਅਧਿਕਾਰੀ ਇੱਥੇ ਮੀਟਿੰਗ ਵਿਚ ਸ਼ਾਮਲ ਹੋਏ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸੇ ਵੀ ਅਜਿਹੀ ਕਾਰਵਾਈ, ਹਰਕਤ ਜਾਂ ਬਿਆਨ ਤੋਂ ਬਚਣ ਜੋ ਔਰਤਾਂ ਦੇ ਮਾਣ-ਸਨਮਾਨ ਲਈ ਨੁਕਸਾਨਦਾਇਕ ਮੰਨਿਆ ਜਾਂਦਾ ਹੋਵੇ। ਦੱਸ ਦੇਈਏ ਕਿ ਸ਼ਿਵ ਸੈਨਾ (ਯੂ. ਬੀ. ਟੀ.) ਨੇਤਾ ਅਰਵਿੰਦ ਸਾਵੰਤ ਹਾਲ ਹੀ 'ਚ ਸ਼ਿਵ ਸੈਨਾ ਦੀ ਮੁੰਬਾਦੇਵੀ ਉਮੀਦਵਾਰ ਸ਼ਾਇਨਾ ਐਨਸੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਕਾਰਨ ਵਿਵਾਦਾਂ ਵਿਚ ਘਿਰ ਗਏ ਹਨ।


Tanu

Content Editor

Related News