ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਮੁੜ ਮੰਗੀ ਮੁਆਫੀ, ਕਿਹਾ- ਅਜਿਹਾ ਦੁਬਾਰਾ ਨਹੀਂ ਹੋਵੇਗਾ
Wednesday, Apr 10, 2024 - 12:34 PM (IST)
ਨਵੀਂ ਦਿੱਲੀ, (ਇੰਟ.)- ਯੋਗ ਗੁਰੂ ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਨੇ ਪਤੰਜਲੀ ਆਯੁਰਵੇਦ ਵਲੋਂ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਦੇ ਮਾਮਲੇ ’ਚ ਮੰਗਲਵਾਰ ਇਕ ਵਾਰ ਫਿਰ ਸੁਪਰੀਮ ਕੋਰਟ ਤੋਂ ਮੁਆਫੀ ਮੰਗੀ। ਦੋਹਾਂ ਨੇ ਅਦਾਲਤ ਨੂੰ ਕਿਹਾ ਕਿ ਅਜਿਹਾ ਦੁਬਾਰਾ ਨਹੀਂ ਹੋਵੇਗਾ। ਬਾਬਾ ਰਾਮਦੇਵ ਤੇ ਬਾਲਕ੍ਰਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ’ਚ ਵੀ ਸੁਪਰੀਮ ਕੋਰਟ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਮੁਆਫੀ ਮੰਗੀ ਸੀ। ਅਦਾਲਤ ਨੇ ਦੋਹਾਂ ਨੂੰ ਨਿੱਜੀ ਤੌਰ ’ਤੇ ਸੁਪਰੀਮ ਕੋਰਟ ’ਚ ਪੇਸ਼ ਹੋਣ ਲਈ ਕਿਹਾ ਸੀ।
ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਨੇ ਮੰਗਲਵਾਰ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕੀਤਾ। ਦੋਹਾਂ ਨੇ ਪਤੰਜਲੀ ਆਯੁਰਵੇਦ ਨਾਲ ਸਬੰਧਤ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਬਿਨਾਂ ਸ਼ਰਤ ਮੁਆਫੀ ਮੰਗੀ ਤੇ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ਦਾ ਅਫਸੋਸ ਹੈ । ਉਹ ਅਦਾਲਤ ਨੂੰ ਭਰੋਸਾ ਦੁਅਾਉਣਾ ਚਾਹੁੰਦੇ ਹਨ ਕਿ ਅਜਿਹਾ ਦੁਬਾਰਾ ਨਹੀਂ ਹੋਵੇਗਾ।
ਸੁਪਰੀਮ ਕੋਰਟ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਦਾਇਰ ਇੱਕ ਉਸ ਪਟੀਸ਼ਨ ਤੇ ਸੁਣਵਾਈ ਕਰ ਰਹੀ ਹੈ, ਜਿਸ ’ਚ ਆਧੁਨਿਕ, ਸਬੂਤ-ਆਧਾਰਿਤ ਇਲਾਜ ਨੂੰ ਕਮਜ਼ੋਰ ਕਰਦੇ ਹੋਏ ਆਯੁਸ਼ ਇਲਾਜ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਵਾਲੇ ਇਸ਼ਤਿਹਾਰਾਂ ਲਈ ਪਤੰਜਲੀ ਵਿਰੁੱਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ ਹੈ।