ਪਹਿਲਵਾਨਾਂ ਦੇ ਪ੍ਰਦਰਸ਼ਨ 'ਤੇ ਯੋਗ ਗੁਰੂ ਬਾਬਾ ਰਾਮਦੇਵ ਦਾ ਬਿਆਨ, ਬ੍ਰਿਜਭੂਸ਼ਣ ਬਾਰੇ ਕਹੀ ਇਹ ਗੱਲ
Sunday, May 28, 2023 - 04:30 AM (IST)
ਹਰਿਦੁਆਰ (ਭਾਸ਼ਾ)- ਬਾਬਾ ਰਾਮਦੇਵ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ’ਚ ਚੱਲ ਰਹੇ ਪਹਿਲਵਾਨਾਂ ਦੇ ਧਰਨਾ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਹੈ ਕਿ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਜਾਣਾ ਚਾਹੀਦਾ ਹੈ। ਰਾਮਦੇਵ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਦੇ ਖ਼ਿਲਾਫ਼ ਜਿਣਸੀ ਸ਼ੋਸ਼ਣ ਦੇ ਦੋਸ਼ ਸ਼ਰਮਨਾਕ ਹਨ।
ਇਹ ਖ਼ਬਰ ਵੀ ਪੜ੍ਹੋ - ਨਵੇਂ ਸੰਸਦ ਭਵਨ ਮੂਹਰੇ ਮਹਾਪੰਚਾਇਤ ਲਈ ਅੜੇ ਪਹਿਲਵਾਨ, ਸਰਕਾਰ 'ਤੇ ਲਾਏ ਗੰਭੀਰ ਦੋਸ਼
ਬਾਬਾ ਰਾਮਦੇਵ ਤਿੰਨ ਦਿਨਾ ਯੋਗ ਕੈਂਪ ਵਿਚ ਹਿੱਸਾ ਲੈਣ ਲਈ ਭੀਲਵਾੜਾ ਵਿਚ ਸਨ। ਸ਼ੁੱਕਰਵਾਰ ਨੂੰ ਭੀਲਵਾੜਾ ਵਿਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਅਜਿਹੇ ਵਿਅਕਤੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤੇ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਣਾ ਚਾਹੀਦਾ ਹੈ। ਉਹ ਹਰ ਰੋਜ਼ ਧੀਆਂ-ਭੈਣਾਂ ਬਾਰੇ ਬਿਆਨਬਾਜ਼ੀ ਕਰਦੇ ਰਹਿੰਦੇ ਹਨ। ਇਹ ਨਿੰਦਣਯੋਗ ਤੇ ਪਾਪ ਹੈ।" ਦੂਜੇ ਪਾਸੇ ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਸੰਸਦ ਦੇ ਨਵੇਂ ਭਵਨ ਦੇ ਉਦਘਾਟਨ ਮੌਕੇ ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਘਿਰਾਓ ਜਾਂ ਪ੍ਰੋਗਰਾਮ ਦਾ ਬਾਈਕਾਟ ਕਰਨਾ ਦੇਸ਼ ਦੇ ਲੋਕਤੰਤਰ ਦੀ ਸ਼ਾਨ ਦੇ ਖ਼ਿਲਾਫ਼ ਹੈ ਅਤੇ ਅਜਿਹਾ ਆਚਰਣ ਕਿਸੇ ਵੀ ਭਾਰਤੀ ਲਈ ਉਚਿਤ ਨਹੀਂ ਹੈ।
ਕਿਹਾ, ਕਦੀ ਵੀ ਸਿਆਸਤ ਵਿਚ ਨਹੀਂ ਹੋਵਾਂਗਾ ਸ਼ਾਮਲ
ਰਾਮਦੇਵ ਨੇ ਕਿਹਾ ਕਿ ਉਹ ਕਦੀ ਵੀ ਸਿਆਸਤ ਵਿਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।