ਬੱਗਾ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ, ਕੇਜਰੀਵਾਲ ਕਰ ਰਹੇ ਬਦਲੇ ਦੀ ਰਾਜਨੀਤੀ : ਮਨਜਿੰਦਰ ਸਿਰਸਾ

Friday, May 06, 2022 - 02:52 PM (IST)

ਬੱਗਾ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ, ਕੇਜਰੀਵਾਲ ਕਰ ਰਹੇ ਬਦਲੇ ਦੀ ਰਾਜਨੀਤੀ : ਮਨਜਿੰਦਰ ਸਿਰਸਾ

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਸ 'ਤੇ ਆਪਣੇ ਨੇਤਾ ਤਜਿੰਦਰ ਪਾਲ ਬੱਗਾ ਨੂੰ 'ਅਗਵਾ' ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਰਾਜ ਦੀ ਪੁਲਸ ਰਾਹੀਂ ਬਦਲੇ ਦੀ ਰਾਜਨੀਤੀ ਕਰ ਰਹੇ ਹਨ। ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਕ ਸਿੱਖ ਹਨ ਪਰ ਇਸ ਦੇ ਬਾਵਜੂਦ ਪੰਜਾਬ 'ਚ ਇਕ ਸਿੱਖ ਦਾ 'ਅਪਮਾਨ' ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਬੱਗਾ ਵੀ ਸਿੱਖ ਹਨ। ਇੱਥੇ ਪਾਰਟੀ ਹੈੱਡ ਕੁਆਰਟਰ 'ਚ ਆਯੋਜਿਤ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸਿਰਸਾ ਨੇ ਦਾਅਵਾ ਕੀਤਾ ਕਿ ਬੱਗਾ ਕੇਜਰੀਵਾਲ ਦੇ ਝੂਠ ਨੂੰ ਬੇਨਕਾਬ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦਿੱਲੀ ਪ੍ਰਦੇਸ਼ ਭਾਜਪਾ ਦੀ ਇਕ ਹੋਰ ਨੇਤਾ ਨੁਪੂਰ ਸ਼ਰਮਾ ਨੇ ਅਦਾਲਤ ਦੇ ਇਕ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਕ ਰਾਜ ਦੀ ਪੁਲਸ ਦੂਜੇ ਰਾਜ 'ਚ ਜੇਕਰ ਕਿਸੇ ਨੂੰ ਗ੍ਰਿਫ਼ਤਾਰ ਕਰਦੀ ਹੈ ਤਾਂ ਉਸ ਨੂੰ ਸਥਾਨਕ ਪੁਲਸ ਨੂੰ ਇਸ ਬਾਰੇ ਸੂਚਨਾ ਦੇਣੀ ਹੁੰਦੀ ਹੈ। ਪੰਜਾਬ ਪੁਲਸ ਨੇ ਇਸ ਤੋਂ ਪਹਿਲਾਂ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਉਸ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਪਿਛਲੇ ਮਹੀਨੇ ਮੋਹਾਲੀ 'ਚ ਉਨ੍ਹਾਂ ਖ਼ਿਲਾਫ਼ ਦਰਜ ਇਕ ਮਾਮਲੇ ਦੇ ਸਿਲਸਿਲੇ 'ਚ ਰਾਸ਼ਟਰੀ ਰਾਜਧਾਨੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ।

 

ਇਹ ਵੀ ਪੜ੍ਹੋ : ਤਜਿੰਦਰ ਪਾਲ ਬੱਗਾ ਨੂੰ ਲਿਜਾ ਰਹੀ ਪੰਜਾਬ ਪੁਲਸ ਨੂੰ ਹਰਿਆਣਾ ਪੁਲਸ ਨੇ ਰੋਕਿਆ

ਪੰਜਾਬ ਪੁਲਸ ਅਨੁਸਾਰ, ਬੱਗਾ ਨੂੰ ਪੰਜਾਬ ਲਿਜਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੂੰ ਇਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਵਿਚ ਦਿੱਲੀ ਪੁਲਸ ਨੇ ਬੱਗਾ ਦੇ ਪਿਤਾ ਦੀ ਸ਼ਿਕਾਇਤ 'ਤੇ ਜਨਕਪੁਰੀ ਥਾਣੇ 'ਚ ਅਗਾਵ ਦਾ ਮਾਮਲਾ ਦਰਜ ਕੀਤਾ ਹੈ। ਬੱਗਾ ਦੇ ਪਿਤਾ ਨੇ ਸ਼ਿਕਾਇਤ ਕੀਤੀ ਹੈ ਕਿ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਕੁਝ ਲੋਕ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਦੇ ਬੇਟੇ ਨੂੰ ਲੈ ਗਏ। ਦੱਸਣਯੋਗ ਹੈ ਕਿ ਪੰਜਾਬ ਪੁਲਸ ਨੇ ਪਿਛਲੇ ਮਹੀਨੇ ਭੜਕਾਊ ਬਿਆਨ ਦੇਣ, ਦੁਸ਼ਮਣ ਨੂੰ ਉਤਸ਼ਾਹ ਦੇਣ ਅਤੇ ਅਪਰਾਧਕ ਧਮਕੀ ਦੇਣ ਦੇ ਦੋਸ਼ 'ਚ ਬੱਗਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਪੁਲਸ ਨੇ ਮੋਹਾਲੀ 'ਚ ਰਹਿਣ ਵਾਲੇ ਸੰਨੀ ਅਹਲੂਵਾਲੀਆ ਨਾਮੀ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਸੀ। ਪੰਜਾਬ ਪੁਲਸ ਨੇ ਦੱਸਿਆ ਕਿ ਇਕ ਅਪ੍ਰੈਲ ਨੂੰ ਦਰਜ ਕੀਤੀ ਗਈ ਐੱਫ.ਆਈ.ਆਰ. ਅਨੁਸਾਰ, 30 ਮਾਰਚ ਨੂੰ ਬੱਗਾ ਨੇ ਦਿੱਲੀ 'ਚ ਮੁੱਖ ਮੰਤਰੀ ਘਰ ਦੇ ਬਾਹਰ ਭਾਜਪਾ ਯੂਥ ਮੋਰਚਾ ਦੇ ਵਿਰੋਧ-ਪ੍ਰਦਰਸ਼ਨ 'ਚ ਹਿੱਸਾ ਲਿਆ ਸੀ ਅਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News