ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ, ਨਹੀਂ ਹੋਵੇਗੀ ਫਾਂਸੀ

09/29/2019 11:59:59 PM

ਨਵੀਂ ਦਿੱਲੀ - ਕੇਂਦਰ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ ਦਿੱਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਭੁਗਤ ਰਹੇ ਰਾਜੋਆਣਾ ਦੀ ਸਜ਼ਾ ਉਮਰ ਕੈਦ 'ਚ ਬਦਲ ਦਿੱਤੀ ਗਈ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਵੀ ਅਧਿਕਾਰਕ ਜਾਣਕਾਰੀ ਹਾਸਲ ਨਹੀਂ ਹੋ ਪਾਈ ਹੈ। ਪਰ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਇਹ ਰਾਹਤ ਦੇ ਦਿੱਤੀ ਹੈ ਜੋ ਕਿ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਵੱਲੋਂ ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਜ਼ਾ 'ਚ ਮਨੁੱਖੀ ਆਧਾਰ 'ਤੇ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਲਿਆ ਗਿਆ ਹੈ। ਕੁੱਲ 8 ਕੈਦੀ ਰਿਹਾਅ ਕੀਤੇ ਜਾ ਰਹੇ ਹਨ, ਇਨ੍ਹਾਂ 'ਚੋਂ ਇਕ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ ਜਾਣ ਦਾ ਫੈਸਲਾ ਕੀਤਾ ਸੀ।

ਦੱਸ ਦਈਏ ਕਿ 1995 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸ ਕਤਲ ਦੇ ਦੋਸ਼ ਤਹਿਤ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ 'ਚ ਤਬਦੀਲ ਕਰਨ 'ਤੇ ਸਾਂਸਦ ਰਵਨੀਤ ਬਿੱਟੂ ਨੇ ਵਿਰੋਧ ਜਤਾਇਆ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਬਿੱਟੂ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।

Khushdeep Jassi

This news is Content Editor Khushdeep Jassi