ਪਟਾਕੇ ਚਲਾਉਣ 'ਤੇ ਪਾਬੰਦੀ, ਈ-ਕਾਮਰਸ ਵੈੱਬਸਾਈਟ 'ਤੇ ਵਿਕਰੀ 'ਤੇ ਵੀ ਰੋਕ

Saturday, Oct 12, 2024 - 05:34 AM (IST)

ਪਟਾਕੇ ਚਲਾਉਣ 'ਤੇ ਪਾਬੰਦੀ, ਈ-ਕਾਮਰਸ ਵੈੱਬਸਾਈਟ 'ਤੇ ਵਿਕਰੀ 'ਤੇ ਵੀ ਰੋਕ

ਚੰਡੀਗੜ੍ਹ- ਹਰਿਆਣਾ 'ਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਮੁਤਾਬਕ ਈ-ਕਾਮਰਸ ਕੰਪਨੀਆਂ ਨੂੰ ਪਟਾਕਿਆਂ ਲਈ ਕੋਈ ਵੀ ਆਨਲਾਈਨ ਆਰਡਰ ਸਵੀਕਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵਲੋਂ ਖ਼ਤਰਨਾਕ ਬੇਰੀਅਮ ਸਾਲਟ ਪਟਾਕਿਆਂ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਇਸ ਸਬੰਧੀ ਡਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਜ਼ਿਲ੍ਹੇ ਵਿਚ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ।

ਦਰਅਸਲ ਦੁਸਹਿਰੇ ਅਤੇ ਦੀਵਾਲੀ ਦੌਰਾਨ ਪਟਾਕਿਆਂ ਕਾਰਨ ਜ਼ਿਲ੍ਹੇ ਵਿਚ AQI 400 ਮਾਈਕ੍ਰੋਗ੍ਰਾਮ ਘਣ ਮੀਟਰ ਤੋਂ ਪਾਰ ਪਹੁੰਚ ਜਾਂਦਾ ਹੈ। ਪ੍ਰਦੂਸ਼ਣ ਦੀ ਮਾਤਰਾ ਇੰਨੀ ਵੱਧ ਜਾਂਦੀ ਹੈ ਕਿ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ। ਇਸ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ।

ਫੜੇ ਗਏ ਤਾਂ ਸਾਰੇ ਪਟਾਕੇ ਹੋਣਗੇ ਜ਼ਬਤ 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਥਾਣਾ ਇੰਚਾਰਜਾਂ ਅਤੇ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਪਟਾਕੇ ਵੇਚਦਾ ਫੜਿਆ ਗਿਆ ਤਾਂ ਉਸ ਦੇ ਸਾਰੇ ਪਟਾਕੇ ਜ਼ਬਤ ਕਰਕੇ ਉਸ 'ਤੇ ਜ਼ੁਰਮਾਨਾ ਲਗਾਇਆ ਜਾਵੇ।

ਗ੍ਰੀਨ ਪਟਾਕਿਆਂ ਦੀ ਸੀਮਤ ਇਜਾਜ਼ਤ

ਗ੍ਰੀਨ ਪਟਾਕਿਆਂ ਦੀ ਵਰਤੋਂ ਲਈ ਵੀ ਸਖਤ ਸਮਾਂ ਸੀਮਾ ਤੈਅ ਕੀਤੀ ਗਈ ਹੈ। ਦੀਵਾਲੀ ਅਤੇ ਗੁਰਪੁਰਬ ਵਰਗੇ ਤਿਉਹਾਰਾਂ ਦੌਰਾਨ ਇਨ੍ਹਾਂ ਪਟਾਕਿਆਂ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ। ਕ੍ਰਿਸਮਸ ਅਤੇ ਨਵੇਂ ਸਾਲ ਦੀ ਸ਼ਾਮ ਲਈ ਇਹ ਸਮਾਂ ਰਾਤ 11:55 ਤੋਂ ਅਗਲੇ ਦਿਨ 12:30 ਵਜੇ ਤੱਕ ਤੈਅ ਕੀਤਾ ਗਿਆ ਹੈ।
 


author

Tanu

Content Editor

Related News