ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਤੋਂ ਪਾਬੰਦੀਆਂ ਹਟੀਆਂ
Monday, Sep 09, 2019 - 02:11 PM (IST)

ਸ਼੍ਰੀਨਗਰ (ਭਾਸ਼ਾ)— ਕਸ਼ਮੀਰ ਵਿਚ ਸ਼੍ਰੀਨਗਰ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਸੋਮਵਾਰ ਨੂੰ ਇੱਥੋਂ ਦੇ ਜ਼ਿਆਦਾਤਰ ਇਲਾਕਿਆਂ ਤੋਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਦੇ ਜ਼ਿਆਦਾਤਰ ਇਲਾਕਿਆਂ ਤੋਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ ਪਰ ਸ਼੍ਰੀਨਗਰ ਦੇ ਅੰਦਰੂਨੀ ਇਲਾਕਿਆਂ 'ਚ ਪਾਬੰਦੀਆਂ ਅਜੇ ਵੀ ਜਾਰੀ ਹਨ। ਉਨ੍ਹਾਂ ਨੇ ਦੱਸਿਆ ਕਿ ਲਾਲ ਚੌਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਪਾਰਕ ਕੇਂਦਰ ਤੋਂ ਬੈਰਕਾਂ ਨੂੰ ਹਟਾ ਲਿਆ ਗਿਆ ਹੈ। ਹਾਲਾਂਕਿ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣ ਲਈ ਸੁਰੱਖਿਆ ਬਲ ਤਾਇਨਾਤ ਰਹਿਣਗੇ।
ਦੱਸਣਯੋਗ ਹੈ ਕਿ ਧਾਰਾ-370 ਹਟਾਉਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਖੇਤਰਾਂ 'ਚ ਵੰਡਣ ਦੇ ਕੇਂਦਰ ਦੇ ਫੈਸਲੇ ਤੋਂ ਬਾਅਦ ਸਭ ਤੋਂ ਪਹਿਲਾਂ 5 ਅਗਸਤ ਨੂੰ ਸਮੁੱਚੇ ਕਸ਼ਮੀਰ ਵਿਚ ਪਾਬੰਦੀਆਂ ਲਾਈਆਂ ਗਈਆਂ ਸਨ। ਸਮੇਂ-ਸਮੇਂ ਦੇ ਨਾਲ-ਨਾਲ ਹਾਲਾਤ 'ਚ ਸੁਧਾਰ ਹੁੰਦੇ ਦੇਖ ਕੇ ਘਾਟੀ ਦੇ ਕਈ ਹਿੱਸਿਆਂ ਤੋਂ ਪਾਬੰਦੀਆਂ ਹਟਾਈਆਂ ਜਾ ਰਹੀਆਂ ਹਨ। ਘਾਟੀ ਵਿਚ ਲੈਂਡਲਾਈਨ ਟੈਲੀਫੋਨ ਸੇਵਾ ਬਹਾਲ ਕਰ ਦਿੱਤੀ ਗਈ ਹੈ। ਹਾਲਾਂਕਿ ਮੋਬਾਈਲ ਅਤੇ ਇੰਟਰਨੈੱਟ ਸੇਵਾ 5 ਅਗਸਤ ਤੋਂ ਹੀ ਬੰਦ ਹਨ। ਸੀਨੀਅਰ ਅਤੇ ਪ੍ਰਮੁੱਖ ਵੱਖਵਾਦੀ ਨੇਤਾਵਾਂ ਨੂੰ ਹਿਰਾਸਤ 'ਚ ਰੱਖਿਆ ਗਿਆ ਹੈ, ਜਦਕਿ ਸਾਬਕਾ ਮੁੱਖ ਮੰਤਰੀਆਂ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਸਮੇਤ ਮੁੱਖ ਧਾਰਾ ਦੇ ਨੇਤਾਵਾਂ ਨੂੰ ਜਾਂ ਤਾਂ ਹਿਰਾਸਤ 'ਚ ਰੱਖਿਆ ਗਿਆ ਹੈ ਜਾਂ ਉਨ੍ਹਾਂ ਨੂੰ ਨਜ਼ਰਬੰਦ ਰੱਖਿਆ ਗਿਆ ਹੈ।