ਬੈਂਗਲੁਰੂ ਇਮਾਰਤ ਹਾਦਸਾ: 6 ਹੋਰ ਲਾਸ਼ਾਂ ਬਰਾਮਦ, ਮਾਲਕ ਅਤੇ ਠੇਕੇਦਾਰ ਹਿਰਾਸਤ ''ਚ
Wednesday, Oct 23, 2024 - 04:57 PM (IST)
ਬੈਂਗਲੁਰੂ- ਕਰਨਾਟਕ ਦੇ ਬੇਂਗਲੁਰੂ ਦੇ ਬਾਬੂਸਪਾਲਿਆ 'ਚ ਇਕ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਤੋਂ ਬਾਅਦ ਖੋਜ ਅਤੇ ਬਚਾਅ ਕਾਰਜਾਂ ਦੌਰਾਨ 6 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨਾਲ ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਹੁਣ 7 ਹੋ ਗਈ ਹੈ।
ਪੁਲਸ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਵਾਪਰੀ, ਜਿਸ ਤੋਂ ਬਾਅਦ ਫਾਇਰ ਐਂਡ ਐਮਰਜੈਂਸੀ ਵਿਭਾਗ, ਰਾਸ਼ਟਰੀ ਆਫਤ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਟੀਮਾਂ ਮੌਕੇ 'ਤੇ ਰਾਹਤ ਕਾਰਜਾਂ 'ਚ ਲੱਗੀਆਂ ਹੋਈਆਂ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਨੀਰਾਜ ਰੈੱਡੀ ਦੇ ਪੁੱਤਰ ਭੁਵਨ ਰੈੱਡੀ ਅਤੇ ਇਮਾਰਤ ਦਾ ਨਿਰਮਾਣ ਕਰਨ ਵਾਲੇ ਠੇਕੇਦਾਰ ਮੁਨੀਅੱਪਾ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਹ ਇਮਾਰਤ ਭੁਵਨ ਰੈਡੀ ਦੇ ਨਾਂ 'ਤੇ ਬਣ ਰਹੀ ਸੀ।
ਅਧਿਕਾਰੀ ਨੇ ਕਿਹਾ ਕਿ ਸਿਰਫ਼ ਚਾਰ ਮੰਜ਼ਿਲਾਂ ਨੂੰ ਬਣਾਉਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਸੱਤ ਮੰਜ਼ਿਲਾਂ ਦਾ ਨਿਰਮਾਣ ਕੀਤਾ ਗਿਆ ਸੀ। ਬਚਾਅ ਟੀਮਾਂ ਨੇ ਮੰਗਲਵਾਰ ਨੂੰ ਇਕ ਹੋਰ ਲਾਸ਼ ਬਰਾਮਦ ਕੀਤੀ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ 6 ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ 6 ਲੋਕ ਜ਼ਖਮੀ ਹਨ।