ਰਾਹੁਲ ਗਾਂਧੀ ਨੇ ਭਾਰਤ ਬੰਦ ਦਾ ਕੀਤਾ ਸਮਰਥਨ, ਮੋਦੀ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ
Wednesday, Jan 08, 2020 - 12:43 PM (IST)

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਭਾਵ ਅੱਜ ਵੱਖ-ਵੱਖ ਮਜ਼ਦੂਰ ਸੰਗਠਨਾਂ ਵਲੋਂ ਭਾਰਤ ਬੰਦ ਦੀ ਕਾਲ ਦਾ ਸਮਰਥਨ ਕੀਤਾ ਹੈ। ਰਾਹੁਲ ਨੇ ਇਸ ਦੇ ਨਾਲ ਹੀ ਨਰਿੰਦਰ ਮੋਦੀ ਸਰਕਾਰ 'ਤੇ ਜਨਤਕ ਖੇਤਰ ਦੀਆਂ ਕੰਪਨੀਆਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਟਵੀਟ ਕਰ ਕੇ ਮੋਦੀ ਸਰਕਾਰ 'ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੋਦੀ-ਸ਼ਾਹ ਸਰਕਾਰ ਦੀਆਂ ਜਨ ਵਿਰੋਧੀ, ਕਿਰਤ ਵਿਰੋਧੀ ਨੀਤੀਆਂ ਨੇ ਭਿਆਨਕ ਬੇਰੋਜ਼ਗਾਰੀ ਪੈਦਾ ਕੀਤੀ ਹੈ ਅਤੇ ਜਨਤਕ ਖੇਤਰ ਦੀਆਂ ਕੰਪਨੀਆਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ, ਤਾਂ ਕਿ ਇਨ੍ਹਾਂ ਨੂੰ ਮੋਦੀ ਆਪਣੇ ਪੂੰਜੀਪਤੀ ਦੋਸਤਾਂ ਨੂੰ ਵੇਚਣ ਨੂੰ ਸਹੀ ਠਹਿਰਾਇਆ ਜਾ ਸਕੇ।
ਰਾਹੁਲ ਗਾਂਧੀ ਨੇ ਕਿਹਾ ਕਿ ਅੱਜ 25 ਕਰੋੜ ਮਜ਼ਦੂਰਾਂ ਨੇ ਇਸ ਦੇ ਵਿਰੋਧ 'ਚ ਭਾਰਤ ਬੰਦ ਦੀ ਕਾਲ ਦਿੱਤੀ ਹੈ। ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ 10 ਮਜ਼ਦੂਰ ਸੰਗਠਨ ਭਾਰਤ ਬੰਦ ਦੇ ਰੂਪ ਵਿਚ ਦੇਸ਼ ਵਿਆਪੀ ਹੜਤਾਲ ਕਰ ਰਹੇ ਹਾਂ। ਉਨ੍ਹਾਂ ਦਾ ਦਾਅਵਾ ਹੈ ਕਿ ਭਾਰਤ ਬੰਦ 'ਚ 25 ਕਰੋੜ ਲੋਕ ਸ਼ਾਮਲ ਹੋਣਗੇ। ਇਸ ਬੰਦ ਦਾ ਅਸਰ ਦੇਸ਼ ਦੇ ਕਈ ਹਿੱਸਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਤਾਮਿਲਨਾਡੂ, ਪੱਛਮੀ ਬੰਗਾਲ, ਪੰਜਾਬ, ਮੁੰਬਈ 'ਚ ਮਜ਼ਦੂਰ ਹੜਤਾਲ ਕਰ ਰਹੇ ਹਨ। ਕਈ ਥਾਵਾਂ 'ਤੇ ਟਰੇਨਾਂ ਰੋਕੀਆਂ ਗਈਆਂ ਹਨ ਅਤੇ ਸੜਕੀ ਆਵਾਜਾਈ ਠੱਪ ਹੈ।