ਅਹਿਮਦਾਬਾਦ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ
Saturday, Jul 18, 2026 - 05:20 PM (IST)
ਨੈਸ਼ਨਲ ਡੈਸਕ : ਅਹਿਮਦਾਬਾਦ ਦੇ ਮਹਿਮੂਦਪੁਰਾ ਇਲਾਕੇ 'ਚ ਸਥਿਤ ਇੱਕ ਪਟਾਕਾ ਫੈਕਟਰੀ 'ਚ ਅੱਜ ਦੁਪਹਿਰ ਭਿਆਨਕ ਅੱਗ ਲੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸ਼ਹਿਰ ਦੇ ਵਸਤਰਾ ਖੇਤਰ ਵਿੱਚ ਰਾਮੋਲ-ਗਤਰਾਦ ਰੋਡ 'ਤੇ ਸਥਿਤ 'ਮਹਿਮੂਦਪੁਰਾ ਟੈਲੇਂਟ ਫਾਇਰਵਰਕਸ ਫੈਕਟਰੀ' ਵਿੱਚ ਲੱਗੀ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕਿਉਂਕਿ ਇਹ ਪਟਾਕਿਆਂ ਦਾ ਕਾਰਖਾਨਾ ਸੀ, ਇਸ ਲਈ ਅੱਗ ਨੇ ਬਹੁਤ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ ਤੇ ਵੇਖਦਿਆਂ ਹੀ ਵੇਖਦਿਆਂ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਦਾ ਕਾਫਲਾ ਤੁਰੰਤ ਮੌਕੇ 'ਤੇ ਪਹੁੰਚ ਗਿਆ। ਅਹਿਮਦਾਬਾਦ ਦੇ ਮੇਅਰ ਅਤੇ ਮਿਉਂਸਪਲ ਕਮਿਸ਼ਨਰ ਨੇ ਵੀ ਖੁਦ ਘਟਨਾ ਸਥਾਨ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਟਵਿੱਟਰ 'ਤੇ ਲਿਖਿਆ, "ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਵਿੱਚ ਜਾਨਾਂ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
