ਬਾਬਾ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਮਾਣਹਾਨੀ ਮਾਮਲੇ ਦੀ ਕਾਰਵਾਈ ਕੀਤੀ ਬੰਦ

Tuesday, Aug 13, 2024 - 10:20 PM (IST)

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਵਿਗਿਆਪਨ ਮਾਮਲੇ ’ਚ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੀ ਮੁਆਫੀ ਸਵੀਕਾਰ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ ਮਾਣਹਾਨੀ ਦੀ ਕਾਰਵਾਈ ਬੰਦ ਕਰ ਦਿੱਤੀ।

ਯੋਗ ਗੁਰੂ ਰਾਮਦੇਵ, ਬਾਲਕ੍ਰਿਸ਼ਨ ਅਤੇ ਉਨ੍ਹਾਂ ਦੀ ਕੰਪਨੀ ਵੱਲੋਂ ਪੇਸ਼ ਹੋਏ ਵਕੀਲ ਗੌਤਮ ਤਾਲੁਕਦਾਰ ਨੇ ਕਿਹਾ ਕਿ ਅਦਾਲਤ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਹਲਫਨਾਮਿਆਂ ਦੇ ਆਧਾਰ ’ਤੇ ਮਾਣਹਾਨੀ ਦੀ ਕਾਰਵਾਈ ਬੰਦ ਕਰ ਦਿੱਤੀ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਮਾਮਲੇ ’ਚ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਜਾਰੀ ਮਾਣਹਾਨੀ ਨੋਟਿਸ ’ਤੇ 14 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੁਪਰੀਮ ਕੋਰਟ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਵੱਲੋਂ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ, ਜਿਸ ਵਿਚ ਕੋਵਿਡ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਮੈਡੀਕਲ ਸਿਸਟਮ ਵਿਰੁੱਧ ਬਦਨਾਮ ਕਰਨ ਵਾਲੀ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਸੀ।

ਅਦਾਲਤ ਨੇ 27 ਫਰਵਰੀ ਨੂੰ ਪਤੰਜਲੀ ਆਯੁਰਵੇਦ ਅਤੇ ਉਸ ਦੇ ਮੈਨੇਜਿੰਗ ਡਾਇਰੈਕਟਰ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਸੀ ਕਿ ਕੰਪਨੀ ਦੇ ਉਤਪਾਦਾਂ ਅਤੇ ਉਨ੍ਹਾਂ ਦੇ ਚਿਕਿਤਸਕ ਪ੍ਰਭਾਵਾਂ ਦਾ ਵਿਗਿਆਪਨ ਕਰਨ ਬਾਰੇ ਪਹਿਲਾਂ ਅਦਾਲਤ ਵਿਚ ਦਿੱਤੇ ਗਏ ਕੰਪਨੀ ਦੇ ਹਲਫਨਾਮੇ ਦੀ ਪਹਿਲੀ ਨਜ਼ਰੇ ਉਲੰਘਣਾ ਲਈ ਉਨ੍ਹਾਂ ਖਿਲਾਫ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।


Rakesh

Content Editor

Related News