ਪਟਨਾ ’ਚ ਮੁੱਖ ਮੰਤਰੀ ਦੇ ਨਿਵਾਸ ਵੱਲ ਜਾ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ
Monday, Dec 30, 2024 - 11:31 AM (IST)
ਪਟਨਾ- ਬਿਹਾਰ ਪਬਲਿਕ ਸਰਵਿਸ ਕਮਿਸ਼ਨ ( BPSC) ਵਿਰੁੱਧ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ। ਐਤਵਾਰ ਸ਼ਾਮ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਵਾਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨਿਵਾਸ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਸ ਨੇ ਸੜਕ ’ਤੇ ਬੈਰੀਕੇਡ ਲਾ ਦਿੱਤੇ।
ਪ੍ਰਸ਼ਾਂਤ ਕਿਸ਼ੋਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਕ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਾ ਸ਼ੁਰੂ ਕੀਤਾ ਪਰ ਦੂਜੇ ਬੈਰੀਕੇਡ ਤੋਂ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਵੀ ਕੀਤਾ।
ਇਹ ਪ੍ਰਦਰਸ਼ਨ ਬਿਹਾਰ ਲੋਕ ਸੇਵਾ ਕਮਿਸ਼ਨ ਦੀ 70ਵੀਂ ਮੁੱਢਲੀ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ‘ਜਨ ਸੁਰਾਜ’ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਇੱਥੇ ਸਰਕਾਰੀ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਉਨ੍ਹਾਂ ਸਾਡੇ ਸਾਥੀਆਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿੱਤਾ ਕਿ ਸਰਕਾਰ ਉਮੀਦਵਾਰਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਤਿਆਰ ਹੈ।